ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਨਾ ਹੋਣ ਕਾਰਨ ਰੋਕੀਆਂ ਡਿਗਰੀਆਂ, ਵਿਦਿਆਰਥੀਆਂ ਦਾ ਭਵਿੱਖ ਧੁੰਦਲਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਨਾ ਹੋਣ ਕਾਰਨ ਹਜ਼ਾਰਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਗਈਆਂ ਹਨ, ਜਿਸ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਡਿਗਰੀ ਰੋਕਣ ਵਾਲੀਆਂ ਵਿਦਿਅਕ ਸੰਸਥਾਵਾਂ ਉਤੇ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਹੋਏ ਹਨ ਇਸ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ। ਪੰਜਾਬ ਸਰਕਾਰ ਨੂੰ ਜਲਦ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਡਿਗਰੀਆਂ ਜਾਰੀ ਕਰਨ ਨੂੰ ਲੈ ਕੇ ਧਰਨਾ ਅੱਜ 17ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਾਲੇ ਵਿਦਿਆਰਥੀਆਂ ਦੀਆਂ ਰੋਕੀਆਂ ਹੋਈਆਂ ਡਿਗਰੀਆਂ ਰਿਲੀਜ਼ ਕਰਵਾਉਣ, ਰਾਖਵੇਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਸਮੇਤ ਕਈ ਮੰਗਾਂ ਨੂੰ ਲੈ ਕੇ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਸ਼ੁਰੂ ਕੀਤਾ ਗਿਆ ਧਰਨਾ ਅੱਜ 17ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਵੱਡੀ ਗਿਣਤੀ ਵਿੱਚ ਵਿਦਿਆਰਥੀ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਆਗੂਆਂ ਨੇ ਸ਼ਿਰਕਤ ਕੀਤੀ। ਧਰਨੇ ਵਿੱਚ ਟ੍ਰਾਈਸਿਟੀ ਦੀਆਂ 20 ਜਥੇਬੰਦੀਆਂ ਉਤੇ ਆਧਾਰਿਤ ਡਾ. ਅੰਬੇਡਕਰ ਸੰਯੁਕਤ ਸੰਘਰਸ਼ ਮੋਰਚਾ, ਕੇਂਦਰੀ ਸਿੰਘ ਸਭਾ ਗੁਰਦੁਆਰਾ ਸੈਕਟਰ-28 ਤੋਂ ਅਹੁਦੇਦਾਰਾਂ, ਬਾਮਸੇਫ਼, ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਤੇ ਪੰਜਾਬ ਫੈਮੀਨਿਸਟ ਯੂਨੀਅਨ ਆਫ਼ ਸਟੂਡੈਂਟਸ, ਪੀਯੂ ਐੱਚਐੱਚ, ਐੱਨਐੱਸਯੂਆਈ, ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ, ਐੱਸਐੱਫਐੱਸ, ਆਈਏਐੱਸਏ. ਵੱਲੋਂ ਵਿਦਿਆਰਥੀ ਆਗੂਆਂ ਨੇ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਨੇ ਪੀਯੂ ਪ੍ਰਸ਼ਾਸਨ ਨੂੰ ਵਾਸਤੇ ਪਾਏ ਤੇ ਦਲਿਤ ਵਿਦਿਆਰਥੀਆਂ ਦੀਆਂ ਮੰਗਾਂ ਪੂਰੀਆਂ ਕਰਨ ਸਬੰਧੀ ਨਾਅਰੇ ਲਗਾਏ ਗਏ। ਵਿਦਿਆਰਥੀ ਆਗੂਆਂ ਨੇ ਐਲਾਨ ਕੀਤਾ ਕਿ ਜੇ ਜਲਦ ਮੰਗਾਂ ਨਾ ਮੰਨੀਆਂ ਤਾਂ 'ਵਰਸਿਟੀ ਵਿੱਚ ਤਿੱਖਾ ਸੰਘਰਸ਼ ਵਿੱਢ ਕੇ ਮੁਕੰਮਲ ਰੂਪ ਵਿੱਚ ਕੰਮਕਾਜ ਠੱਪ ਕਰ ਦਿੱਤਾ ਜਾਵੇਗਾ। ਇਹ ਵੀ ਪੜ੍ਹੋ : ਇਨਸਾਫ਼ ਨਾ ਮਿਲਣ ਕਾਰਨ ਮਜ਼ਦੂਰਾਂ ਨੇ ਥਾਣੇ ਅੱਗੇ ਲਗਾਇਆ ਧਰਨਾ