ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪਿੱਛਲੇ ਚਾਰ ਸਾਲਾਂ ਤੋਂ ਕੰਡਿਆਲੀ ਤਾਰ ਪਾਰਲੇ ਕਿਸਾਨਾਂ ਨੂੰ ਜਮੀਨ ਦਾ ਮੁਆਵਜ਼ਾ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਮੁਆਵਜ਼ਾ ਨਾ ਦੇਣ ਤੇ ਕਿਸਾਨਾ ਵੱਲੋਂ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਨਾਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੂੰ ਸੋਂਪਿਆ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਵੱਲੋਂ ਕੰਡਿਆਲੀ ਤਾਰ ਪਾਰ ਦੇ ਕਿਸਾਨਾਂ ਨੂੰ ਦੱਸ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਲਾਨਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਗਿਆ ਹੈ ਲੇਕਿਨ ਸਰਕਾਰ ਨੇ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਕਿ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ ਹੈ ਜੋ ਕਿ 100 ਕਰੋੜ ਰੁਪਏ ਦੇ ਕਰੀਬ ਬਣਦੀ ਹੈ।
ਭੰਗਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਹਿੱਸੇ ਦੀ 48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਲੇਕਿਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ 48 ਕਰੋੜ ਰੁਪਏ ਦੀ ਰਾਸ਼ੀ ਨਾ ਪਾਉਣ ਕਾਰਨ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਨ੍ਹਾਂ ਨੂੰ ਬਕਾਇਆ ਰਾਸ਼ੀ ਨਾ ਦਿੱਤੀ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਡੀਗੜ੍ਹ ਜਾ ਕੇ ਘਿਰਾਓ ਕਰਨਗੇ
ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਰਡਰ ਤੋਂ ਤਾਰ ਪਾਰਲੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਮਿਲਿਆ ਹੈ। ਜਿਸ ਵਿੱਚ ਉਨ੍ਹਾਂ ਦੀਆਂ ਬਕਾਇਆ ਮੁਆਵਜ਼ਾ ਰਾਸ਼ੀ ਤੋਂ ਇਲਾਵਾ ਹੋਰ ਮੁਸ਼ਕਲਾਂ ਬਾਰੇ ਵੀ ਦੱਸਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ।
-PTC News