ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਬਾਹਰ ਪ੍ਰਦਰਸ਼ਨ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਦੇ ਮੁਖੀ ਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਸ਼ਹੀਦ ਏ ਆਜ਼ਮ ਭਗਤ ਸਿੰਘ ਬਾਰੇ ਕੀਤੀ ਗਈ ਵਿਵਾਦਪੂਰਨ ਟਿੱਪਣੀ ਦੇ ਮਾਮਲੇ ਵਿੱਚ ਇਕ ਵਿਅਕਤੀ ਵੱਲੋਂ ਉਲਟ ਵਿਵਾਦਪੂਰਨ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰਾਂ ਵੱਲੋਂ ਥਾਣਾ ਡਿਵੀਜ਼ਨ ਨੰਬਰ 5 ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਅਜਿਹਾ ਬਿਆਨ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਦੀ ਧਾਰਮਿਕ ਬੇਅਦਬੀ ਕੀਤੀ ਹੈ ਤੇ ਮੁਲਜ਼ਮ ਖ਼ਿਲਾਫ਼ 295 ਏ ਧਾਰਾ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਅਜਿਹੇ ਵਿਵਾਦਪੂਰਨ ਬਿਆਨ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵਿਵਾਦਤ ਬਿਆਨ ਦਿੱਤਾ ਸੀ। ਹਰਿਆਣਾ ਦੇ ਕਰਨਾਲ ਜ਼ਿਲੇ 'ਚ ਪਹੁੰਚੇ ਸਿਮਰਨਜੀਤ ਮਾਨ ਨੇ ਭਗਤ ਸਿੰਘ ਨੂੰ ਅੱਤਵਾਦੀ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਭਗਤ ਸਿੰਘ ਨੇ ਇਕ ਅੰਗਰੇਜ਼ ਨੇਵੀ ਅਫਸਰ ਨੂੰ ਮਾਰਿਆ ਸੀ। ਅੰਮ੍ਰਿਤਧਾਰੀ ਸਿੱਖ ਚੰਨਣ ਸਿੰਘ ਮਾਰਿਆ ਗਿਆ ਸੀ। ਨੈਸ਼ਨਲ ਅਸੈਂਬਲੀ ਵਿੱਚ ਬੰਬ ਸੁੱਟਿਆ ਗਿਆ ਸੀ। ਹੁਣ ਜੇ ਭਗਤ ਸਿੰਘ ਅੱਤਵਾਦੀ ਨਹੀਂ ਤਾਂ ਕੀ ਸੀ? ਇਸ ਦੌਰਾਨ ਪੱਤਰਕਾਰਾਂ ਨੇ ਪੁੱਛਿਆ ਸੀ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਤੁਹਾਡੀ ਕੀ ਰਾਏ ਹੈ। ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਿੰਡਰਾਂਵਾਲਾ ਸਿੱਖਾਂ ਦਾ ਆਗੂ ਸੀ। ਜਿਹੜੇ ਆਜ਼ਾਦੀ ਚਾਹੁੰਦੇ ਸਨ। ਸਿਮਰਨਜੀਤ ਸਿੰਘ ਮਾਨ ਦੇ ਇਸ ਬਿਆਨ ਦੀ ਚਹੁੰਪਾਸੜ ਨਿਖੇਧੀ ਹੋਈ ਸੀ। ਇਸ ਤੋਂ ਬਾਅਦ ਇਕ ਵਿਅਕਤੀ ਨੇ ਸਿਮਰਨਜੀਤ ਮਾਨ ਨੂੰ ਲੈ ਕੇ ਵਿਵਾਦਪੂਰਨ ਬਿਆਨ ਦਿੱਤਾ ਸੀ। ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ। ਇਹ ਵੀ ਪੜ੍ਹੋ : ਜੀਐਸਟੀ ਦਾ ਅਸਰ, ਅਮੂਲ ਦੇ ਦਹੀਂ ਤੇ ਲੱਸੀ ਹੋਏ ਮਹਿੰਗੇ