ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ 'ਤੇ ਮਹਾਪੰਚਾਇਤ
ਨਵੀਂ ਦਿੱਲੀ: ਅੰਦੋਲਨ ਖਤਮ ਕਰਨ ਤੋਂ ਬਾਅਦ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਭਾਵ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਮਹਾਪੰਚਾਇਤ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਕਿਸਾਨਾਂ ਨੂੰ ਰੋਕਣ ਲਈ ਦਿੱਲੀ ਦੀ ਸਰਹੱਦ 'ਤੇ ਪੁਲਿਸ ਫੋਰਸ ਦੀ ਤਾਇਨਾਤੀ ਵਧਾਈ ਸੀ ਪਰ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਲ਼ਖੀਮਪੁਰ ਖੀਰੀ ਕਾਂਡ ਦੇ ਇਨਸਾਫ਼ ਲਈ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲਿਆ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐਮ. ਐਸ. ਪੀ ਕਮੇਟੀ ਨੂੰ ਲੈ ਕੇ ਕਿਸਾਨਾਂ ਨੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਮਹਾਪੰਚਾਇਤ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਕਿਸਾਨਾਂ ਨੂੰ ਟਿੱਕਰੀ ਬਾਰਡਰ 'ਤੇ ਰੋਕ ਲਿਆ ਗਿਆ ਸੀ, ਜਿਸ ਕਾਰਨ ਗੁੱਸੇ 'ਚ ਆਏ ਕਿਸਾਨਾਂ ਨੇ ਸੜਕ 'ਤੇ ਜਾਮ ਲਗਾ ਦਿੱਤਾ। ਇਸ ਕਾਰਨ ਕਰੀਬ 15 ਮਿੰਟ ਤੱਕ ਸੜਕ ਜਾਮ ਰਹੀ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਟਿੱਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਮਹਾਪੰਚਾਇਤ ਦੀ ਸਮਾਪਤੀ ਤੋਂ ਬਾਅਦ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਸੋਮਵਾਰ ਦੇ ਮਹਾਪੰਚਾਇਤ ਨੂੰ ਲੈ ਕੇ ਬੀਤੇ ਦਿਨ ਦੀ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਸੀ ਤਾਂ ਕਿ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਦੱਸ ਦੇਈਏ ਕਿ ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਹਿਰਾਸਤ 'ਚ ਲੈ ਲਿਆ ਸੀ ਪਰ ਦੋ ਘੰਟੇ ਬਾਅਦ ਜਦੋਂ ਰਾਕੇਸ਼ ਟਿਕੈਤ ਨੇ ਦਿੱਲੀ ਵਿਚ ਨਾ ਵੜਨ ਦਾ ਭਰੋਸਾ ਦਿੱਤਾ ਤਾਂ ਦਿੱਲੀ ਪੁਲਿਸ ਨੇ ਰਾਕੇਸ਼ ਟਿਕੈਤ ਨੂੰ ਰਿਹਾਅ ਕਰ ਦਿੱਤਾ। ਇਹ ਵੀ ਪੜ੍ਹੋ:ਟਰੱਕ ਯੂਨੀਅਨ ਦੇ ਦੋ ਧੜਿਆ 'ਚ ਟਕਰਾਅ, ਇਕ ਗੰਭੀਰ ਜ਼ਖ਼ਮੀ -PTC News