Sat, Nov 9, 2024
Whatsapp

ਡਾ. ਅੰਬੇਡਕਰ ਜਯੰਤੀ ਮੌਕੇ ਪਟਿਆਲਾ ਜ਼ਿਲ੍ਹੇ 'ਚ ਲੱਗੇ 8 ਜਨ ਸੁਵਿਧਾ ਕੈਂਪਾਂ ਨੂੰ ਭਰਵਾਂ ਹੁੰਗਾਰਾ

Reported by:  PTC News Desk  Edited by:  Pardeep Singh -- April 14th 2022 04:04 PM
ਡਾ. ਅੰਬੇਡਕਰ ਜਯੰਤੀ ਮੌਕੇ ਪਟਿਆਲਾ ਜ਼ਿਲ੍ਹੇ 'ਚ ਲੱਗੇ 8 ਜਨ ਸੁਵਿਧਾ ਕੈਂਪਾਂ ਨੂੰ ਭਰਵਾਂ ਹੁੰਗਾਰਾ

ਡਾ. ਅੰਬੇਡਕਰ ਜਯੰਤੀ ਮੌਕੇ ਪਟਿਆਲਾ ਜ਼ਿਲ੍ਹੇ 'ਚ ਲੱਗੇ 8 ਜਨ ਸੁਵਿਧਾ ਕੈਂਪਾਂ ਨੂੰ ਭਰਵਾਂ ਹੁੰਗਾਰਾ

ਪਟਿਆਲਾ:ਜ਼ਿਲ੍ਹੇ 'ਚ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਤੇ ਅੱਜ ਡਾ. ਬੀ.ਆਰ. ਅੰਬੇਡਕਰ ਜਯੰਤੀ ਮੌਕੇ ਸਾਰੇ ਹਲਕਿਆਂ ਅੰਦਰ ਲਗਾਏ ਗਏ 8 ਜਨ ਸੁਵਿਧਾ ਕੈਂਪਾਂ ਨੂੰ ਸਥਾਨਕ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ ਸਥਾਨਕ ਵਿਧਾਇਕਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਇਨ੍ਹਾਂ ਕੈਂਪਾਂ 'ਚ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਤੋਂ ਖੁਸ਼ ਹੋਏ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਪਿੰਡ ਲੰਗ ਵਿਖੇ ਕੈਂਪ ਦਾ ਜਾਇਜ਼ਾ ਲੈਣ ਮਗਰੋਂ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ। ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ਬਣਾਈ ਯੋਜਨਾ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਲਈ ਰੋਡ ਮੈਪ ਤਿਆਰ ਹੈ। ਵਿਧਾਇਕ ਨੇ ਕਿਹਾ ਕਿ ਪਿੰਡ ਦੀ 40 ਸਾਲਾਂ ਤੋਂ ਨਾ ਬਣ ਸਕੀ ਸੜਕ ਨੂੰ ਪਹਿਲੇ ਸਾਲ ਹੀ ਬਣਾਕੇ ਲੰਗ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਮਗਨਰੇਗਾ ਕਾਮਿਆਂ ਨੂੰ 200 ਤੋਂ 300 ਦਿਨ ਰੋਜ਼ਗਾਰ ਦੇਕੇ ਇਥੇ 24 ਘੰਟੇ ਪੀਣ ਵਾਲਾ ਪਾਣੀ ਤੇ ਕਮਿਉਨਿਟੀ ਬਾਇਓਗੈਸ ਪਲਾਂਟ ਰਾਹੀਂ ਰਸੋਈ ਗੈਸ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਜਨ ਸੁਵਿਧਾ ਕੈਂਪ ਲਗਾਉਣ ਵਾਲਾ ਪਟਿਆਲਾ, ਪਹਿਲਾ ਜ਼ਿਲ੍ਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਕੇਵਲ ਸਰਕਾਰੀ ਦਫ਼ਤਰਾਂ ਵਿੱਚ ਹੀ ਨਹੀਂ ਬਲਕਿ ਅਜਿਹੇ ਕੈਂਪਾਂ ਵਿੱਚ ਲੋਕਾਂ ਦੇ ਘਰਾਂ ਤੱਕ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਪਟਿਆਲਾ ਹਲਕੇ ਦਾ ਜਨ ਸੁਵਿਧਾ ਕੈਂਪ ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ਦੇ ਸਹਿਯੋਗ ਨਾਲ ਸਰਕਾਰੀ ਮਾਡਲ ਸਕੂਲ ਫੀਲ ਖਾਨਾ ਵਿਖੇ ਲਗਾਇਆ ਗਿਆ, ਇੱਥੇ ਵਿਧਾਇਕ ਕੋਹਲੀ ਤੋਂ ਇਲਾਵਾ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਚੰਦਰ ਜੋਤੀ ਸਿੰਘ ਤੇ ਤਹਿਸੀਲਦਾਰ ਰਾਮ ਕਿਸ਼ਨ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਵਸਨੀਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ। ਸਮਾਣਾ ਹਲਕੇ ਦੇ ਪਿੰਡ ਕਲਬੁਰਛਾਂ 'ਚ ਲੱਗੇ ਜਨ ਸੁਵਿਧਾ ਕੈਂਪ ਵਿਖੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਕਿ ਜਿਹੜੇ ਲੋਕਾਂ ਦੀ ਕਦੇ ਸਾਰ ਨਹੀਂ ਲਈ ਗਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਜਿਹੇ ਕੈਂਪਾਂ ਰਾਹੀਂ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਹੈ। ਇਸ ਮੌਕੇ ਐਸ.ਡੀ.ਐਮ. ਟੀ. ਬੈਨਿਥ, ਤਹਿਸੀਲਦਾਰ ਗੁਰਲੀਨ ਕੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਇਸੇ ਤਰ੍ਹਾਂ ਨਾਭਾ ਹਲਕੇ ਦਾ ਕੈਂਪ ਪਿੰਡ ਕਕਰਾਲਾ ਵਿਖੇ ਲਗਾਇਆ ਗਿਆ, ਇੱਥੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ, ਉਨ੍ਹਾਂ ਦੇ ਨਾਲ ਐਸ.ਡੀ.ਐਮ. ਕੰਨੂ ਗਰਗ ਤੇ ਤਹਿਸੀਲਦਾਰ ਰਣਜੀਤ ਸਿੰਘ ਮੌਜੂਦ ਸਨ। ਸਨੌਰ ਹਲਕੇ ਦੇ ਪਿੰਡ ਮਸੀਂਗਣ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਉਹ ਆਮ ਲੋਕਾਂ ਦੇ ਸੇਵਾਦਾਰ ਹਨ ਤੇ ਹਲਕਾ ਵਾਸੀਆਂ ਨੂੰ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਐਸ.ਡੀ.ਐਮ. ਅੰਕੁਰਜੀਤ ਸਿੰਘ ਤੇ ਤਹਿਸੀਲਦਾਰ ਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਰਾਜਪੁਰਾ ਦਾ ਮਾਡਰਨ ਬੱਸ ਅੱਡਾ, ਜੋਕਿ 16 ਸਾਲ ਬਾਅਦ ਚਾਲੂ ਕੀਤਾ ਗਿਆ ਹੈ, ਵਿਖੇ ਕੈਂਪ ਦਾ ਜਾਇਜ਼ਾ ਲੈਣ ਪੁੱਜੀ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਨਿਵੇਕਲੀ ਪਹਿਲਕਦਮੀ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਹਨ। ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਕੈਂਪ 'ਚ ਪੁੱਜੇ ਆਮ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਘਨੌਰ ਤਹਿਸੀਲ ਦਫ਼ਤਰ ਵਿਖੇ ਲਗਾਏ ਜਨ ਸੁਵਿਧਾ ਕੈਂਪ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ ਅਤੇ ਲੋਕਾਂ ਦੇ ਕੰਮ ਮੌਕੇ 'ਤੇ ਨਿਪਟਾਏ ਗਏ ਹਨ। ਉਨ੍ਹਾਂ ਨਾਲ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਤੇ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ। ਇਸੇ ਤਰ੍ਹਾਂ ਹੀ ਹਲਕਾ ਸ਼ੁਤਰਾਣਾ ਦੇ ਪਿੰਡ ਖਾਂਗ ਵਿਖੇ ਲੱਗੇ ਜਨ ਸੁਵਿਧਾ ਕੈਂਪ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਅਜਿਹੇ ਕੈਂਪ ਲੋਕਾਂ ਲਈ ਮਦਦਗਾਰ ਸਾਬਤ ਹੁੰਦੇ ਹਨ ਅਤੇ ਹਲਕੇ ਵਿੱਚ ਕਿਸੇ ਵੀ ਵਸਨੀਕ ਦਾ ਕੋਈ ਕੰਮ ਬਕਾਇਆ ਨਹੀਂ ਰਹਿਣ ਦਿੱਤਾ ਜਾਵੇਗਾ। ਇਹ ਵੀ ਪੜ੍ਹੋ:ਪੰਜਾਬੀ ਸਾਹਿਤ ਦੇ ਵੱਡੇ ਥੰਮ ਡਾ. ਗੁਰਬਖ਼ਸ਼ ਸਿੰਘ ਫ਼ਰੈਂਕ ਨਹੀਂ ਰਹੇ -PTC News


Top News view more...

Latest News view more...

PTC NETWORK