ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ
ਮੁਹਾਲੀ: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਅੱਜ ਮੁਹਾਲੀ ਅਦਾਲਤ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਅੱਜ ਮੁਹਾਲੀ ਅਦਾਲਤ ਵਿਚ ਅਗਾਊਂ ਜ਼ਮਾਨਤ ਦਾਇਰ ਕੀਤੀ, ਜਿਸ 'ਤੇ ਅੱਜ (23 ਦਸੰਬਰ) ਨੂੰ ਮੁਹਾਲੀ ਅਦਾਲਤ ਵੱਲੋਂ ਸੁਣਵਾਈ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਬੀਤੇ ਦਿਨੀ ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਕੀਤਾ ਸੀ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਇਹ ਕੇਸ ਦਰਜ ਕੀਤਾ ਗਿਆ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ। ਇਹ ਐਫਆਈਆਰ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ। ਮਜੀਠੀਆ ਤੇ ਧਾਰਾ 25, 27ਏ ਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਬੀਤੇ ਦਿਨੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਸ ਦਰਜ ਹੋਣ ਨੂੰ ਸਿਆਸੀ ਬਦਲਾਖੋਰੀ ਦੀ ਸਭ ਤੋਂ ਘਟੀਆ ਮਿਸਾਲ ਕਰਾਰ ਦਿੱਤਾ ਹੈ। ਕਾਂਗਰਸ ਹਮੇਸ਼ਾ ਹੀ ਬਦਲੇ ਦੀ ਭਾਵਨਾ ਨੂੰ ਲੈ ਕੇ ਇਹ ਸਭ ਕਰਦੀ ਆ ਰਹੀ ਹੈ ਤੇ ਅਕਾਲੀ ਦਲ ਇਸ ਤੋਂ ਡਰਨ ਵਾਲਾ ਨਹੀਂ ਹੈ।
-PTC News