ਮੰਗਾਂ ਨੂੰ ਲੈਕੇ ਕਿਸਾਨਾਂ ਨੇ ਰੇਲਵੇ ਟਰੈਕ ਕੀਤੇ ਜਾਮ, ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਟਰੈਕ ਜਾਮ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਰੇਲ ਟ੍ਰੈਕ ਜਾਮ ਕਰਕੇ ਪੰਜਾਬ ਅਤੇ ਕੇਂਦਰ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਗੱਲ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਨੇ ਪਹਿਲਾਂ ਵੀ ਕੇਂਦਰ ਵੱਲੋਂ ਲਿਆਂਦੇ ਗਏ ਤਿੰਨੋਂ ਕਾਲੇ ਕਾਨੂੰਨ ਰੱਦ ਕਰਾਉਣ ਲਈ ਬਹੁਤ ਲੰਮਾ ਸੰਘਰਸ਼ ਲੜਿਆ ਹੈ ਅਤੇ ਕੇਂਦਰ ਵੱਲੋਂ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਤੋਂ ਬਾਅਦ ਜੋ ਕਿਸਾਨਾਂ ਦੇ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਤੇ ਦੁਬਾਰਾ ਗੌਰ ਨਹੀਂ ਕੀਤਾ ਗਿਆ ਜਿਸ ਕਾਰਨ ਕਿਸਾਨਾਂ ਨੂੰ ਮੁੜ ਸੰਘਰਸ਼ ਕਰਨ ਦੀ ਨੌਬਤ ਆਈ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦਾ ਸ਼ਰੇਆਮ ਕਤਲ ਕਰਨ ਵਾਲੇ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਉੱਤੇ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਹੁਣ ਤੱਕ ਵੀ ਟੈਨੀ ਨੂੰ ਕੇਂਦਰ ਸਰਕਾਰ ਨੇ ਅਹੁਦਾ ਦੇਕੇ ਨਵਾਜ਼ਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੋਂ ਕਿਸਾਨਾਂ ਦੀਆਂ ਮੰਗਾਂ ਪੂਰਾ ਕਰਨ ਦਾ ਵਾਅਦਾ ਪੂਰਾ ਕਰਨ ਵਾਲੀ ਕੇਂਦਰ ਸਰਕਾਰ ਮੁੜ ਤੋਂ ਕਿਸਾਨਾਂ ਨਾਲ਼ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਿਜਲੀ ਬਿੱਲ 2022 ਸਮੇਤ ਕਈ ਹੋਰ ਅਖੌਤੀ ਕਿਸਾਨ ਮਾਰੂ ਫੈਸਲੇ ਥੋਪਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਨੂੰ ਕਿਸਾਨ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲੰਪੀ ਸਕਿਨ ਨਾਂਅ ਦੀ ਬਿਮਾਰੀ ਕਾਰਨ ਕਿਸਾਨਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ ਪਰ ਪੰਜਾਬ ਸਰਕਾਰ ਨੇ ਕਦੇ ਵੀ ਕੋਈ ਮੁਆਵਜ਼ਾ ਦੇਣ ਦੀ ਗੱਲ ਨਹੀਂ ਕੀਤੀ ਹੈ।