ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਬੇਟੇ ਨੇ ਖ਼ੁਦ ਨੂੰ ਮਾਰੀ ਗੋਲ਼ੀ
ਮੁਹਾਲੀ : ਭ੍ਰਿਸ਼ਟਾਚਾਰ ਅਤੇ ਆਰਮਜ਼ ਐਕਟ ਤਹਿਤ ਪੁਲਿਸ ਹਿਰਾਸਤ ਵਿੱਚ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਨੇ ਆਪਣੇ ਘਰ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮੌਕੇ ਉਤੇ ਪਹੁੰਚ ਕੇ ਇਸ ਸਬੰਧੀ ਜਾਂਚ ਕਰ ਰਹੀ ਹੈ।
ਕਾਬਿਲੇਗੌਰ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸੰਜੇ ਪੋਪਲੀ ਦੇ ਘਰ ਵਿਜੀਲੈਂਸ ਦੀ ਟੀਮ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਕਾਰਤਿਕ ਪੋਪਲੀ ਨੇ ਇਹ ਖੌਫਨਕ ਕਦਮ ਚੁੱਕਿਆ। ਜ਼ਿਕਰਯੋਗ ਹੈ ਕਿ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਚੰਡੀਗੜ੍ਹ ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਹਫ਼ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਆਈਏਐਸ ਸੰਜੇ ਪੋਪਲੀ ਅਤੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਸੀ। ਅੱਜ ਉਸ ਦਾ ਰਿਮਾਂਡ ਖ਼ਤਮ ਹੋਣ ਕਾਰਨ ਵਿਜੀਲੈਂਸ ਟੀਮ ਹੋਰ ਪੁੱਛਗਿੱਛ ਲਈ ਉਸ ਦੇ ਘਰ ਪਹੁੰਚੀ ਸੀ।
ਉਸ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਸੰਜੇ ਪੋਪਲੀ 'ਤੇ ਪੰਜਾਬ ਅਤੇ ਹਰਿਆਣਾ ਸਮੇਤ ਵੱਖ-ਵੱਖ ਠੇਕੇਦਾਰਾਂ ਤੋਂ ਟੈਂਡਰਾਂ ਦੇ ਬਦਲੇ ਵੱਡੀ ਰਕਮ ਰਿਸ਼ਵਤ ਲੈਣ ਦਾ ਦੋਸ਼ ਹੈ। ਜਿਸ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਤੇ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਜਦੋਂ ਉਸ ਦੇ ਘਰ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਘਰੋਂ ਵੀ ਕਈ ਜਿੰਦਾ ਕਾਰਤੂਸ ਬਰਾਮਦ ਹੋਏ ਸਨ। ਜਿਸਦੇ ਚਲਦੇ ਚੰਡੀਗੜ੍ਹ ਪੁਲਿਸ ਨੇ ਉਸਦੇ ਖਿਲਾਫ ਅਸਲਾ ਐਕਟ ਦੇ ਤਹਿਤ ਮਾਮਲਾ ਵੀ ਦਰਜ ਕੀਤਾ ਸੀ। ਕਾਰਤਿਕ ਪੋਪਲੀ ਦੇ ਪਰਿਵਾਰ ਨੇ ਵਿਜੀਲੈਂਸ ਦੀ ਟੀਮ ਉਤੇ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਨੇ ਕਾਰਤਿਕ ਦੀ ਹੱਤਿਆ ਕੀਤੀ। ਉਨ੍ਹਾਂ ਨੇ ਦੋਸ਼ ਲਗਾਏ ਹਨ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਆਈਏਐਸ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਨੇ ਸੈਕਟਰ 11 ਸਥਿਤ ਆਪਣੇ ਘਰ ਵਿੱਚ ਖ਼ੁਦ ਨੂੰ ਗੋਲੀ ਮਾਰੀ ਹੈ।
ਵਿਜੀਲੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਘਟਨਾ ਸਾਡੇ ਵਾਪਸ ਆਉਣ ਤੋਂ ਬਾਅਦ ਦੀ ਘਟਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਰਿਕਵਰੀ ਕਰ ਕੇ ਵਾਪਸ ਆ ਗਏ ਸੀ, ਇਸ ਤੋਂ ਬਾਅਦ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਕਾਰਤਿਕ ਤੋਂ ਪੁੱਛਗਿੱਛ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਰਿਕਵਰੀ ਦੇ ਸਦਮੇ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਹਾਜ਼ਰੀ ਵਿੱਚ ਗੋਲੀ ਨਹੀਂ ਚੱਲੀ।
ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਨਾਲ ਚੰਡੀਗੜ੍ਹ ਪੁਲਿਸ ਦੇ ਸਬ ਇੰਸਪੈਕਟਰ ਪੱਧਰ ਦਾ ਅਫ਼ਸਰ ਵੀ ਨਾਲ ਸੀ। ਸ਼ਹਿਰ ਦੇ ਸੈਕਟਰ-11 ਸਥਿਤ ਘਰ 'ਚ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਇਲਾਕੇ 'ਚ ਹੜਕੰਪ ਮਚ ਗਿਆ। ਫਾਇਰਿੰਗ ਦੀ ਆਵਾਜ਼ ਸੁਣਦੇ ਹੀ ਆਸਪਾਸ ਦੇ ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਸੈਕਟਰ-11 ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ। ਡੀਐਸਪੀ ਗੁਰਮੁੱਖ ਸਿੰਘ, ਥਾਣਾ ਇੰਚਾਰਜ ਜਸਬੀਰ ਸਿੰਘ ਸਮੇਤ ਪੁਲਿਸ ਟੀਮ ਪਹੁੰਚ ਗਈ। ਹੁਣ ਤਕ ਪ੍ਰਾਪਤ ਜਾਣਕਾਰੀ ਅਨੁਸਾਰ ਘਰ ਦੇ ਅੰਦਰੋਂ ਗੋਲੀਆਂ ਚਲਾਈਆਂ ਗਈਆਂ। ਇਸ ਦੇ ਨਾਲ ਹੀ ਮੌਕੇ 'ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰ ਲੋਕਾਂ ਜਮਹੂਰੀ ਹੱਕਾਂ 'ਤੇ ਡਾਕੇ ਮਾਰ ਰਹੀ : ਪ੍ਰੋ. ਪਰਮਿੰਦਰ ਸਿੰਘ