ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਈਡੀ ਦਾ ਛਾਪਾ; ਰੇਤ ਮਾਫੀਆ ਨੂੰ ਲੈਕੇ ਵੱਡੀ ਕਾਰਵਾਈ
ਚੰਡੀਗੜ੍ਹ: ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਤੇ ਕੇਂਦਰੀ ਜਾਂਚ ਏਜੰਸੀ ਈਡੀ ਦੀ ਵੱਡੀ ਕਾਰਵਾਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਵੱਲੋਂ ਕਰੀਬ 12 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਪੰਜਾਬ ਦੇ ਲੁਧਿਆਣਾ, ਮੋਹਾਲੀ ਸਮੇਤ ਹਰਿਆਣਾ ਦੇ ਪੰਚਕੂਲਾ ਨੂੰ ਮਿਲਾ ਕੇ ਕੁੱਲ 12 ਥਾਵਾਂ 'ਤੇ ਛਾਪੇਮਾਰੀ ਜਾਰੀ ਹੈ। ਸੂਤਰਾਂ ਅਨੁਸਾਰ ਇਹ ਕਾਰਵਾਈ ਰੇਤ ਮਾਫੀਆ ਕੁਦਰਤਦੀਪ ਸਮੇਤ ਕਈ ਹੋਰ ਦੋਸ਼ੀਆਂ ਖਿਲਾਫ ਈਡੀ ਦੀ ਕਾਰਵਾਈ ਦਾ ਇੱਕ ਹਿੱਸਾ ਹੈ। ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਭੁਪਿੰਦਰ ਸਿੰਘ ਹਨੀ ਨਾਲ ਜੁੜੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।
ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ਹਨੀ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਹਨ। ਸੂਤਰਾਂ ਦੇ ਹਵਾਲੇ ਨਾਲ ਭੁਪਿੰਦਰ ਹਨੀ ਦੇ ਲੁਧਿਆਣਾ ਸਥਿਤ ਘਰ 'ਤੇ 3 ਥਾਵਾਂ 'ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਪਿੱਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਿਆਸਤਦਾਨਾਂ 'ਚ ਗੈਰ-ਕਾਨੂੰਨੀ ਰੇਤ ਮਾਈਨਿੰਗ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ ਅਤੇ ਚੋਣ ਤੋਂ ਪਹਿਲਾਂ ਇਸਨੂੰ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ ਕਿਹਾ ਜਾ ਸਕਦਾ ਹੈ। - ਪੀਟੀਸੀ ਖ਼ਬਰਾਂ