ਤਨਖ਼ਾਹ ਤੇ ਪੈਨਸ਼ਨ ਨਾ ਮਿਲਣ ਕਾਰਨ ਭੜਕੇ ਮੁਲਾਜ਼ਮ, ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਬਠਿੰਡਾ : ਪੀਆਰਟੀਸੀ ਦੇ ਮੌਜੂਦਾ ਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਪਿਛਲੇ 5 ਮਹੀਨੇ ਤੋਂ ਤਨਖ਼ਾਹ ਤੇ ਪੈਨਸ਼ਨ ਨਾ ਮਿਲਣ ਕਾਰਨ ਰੋਸ ਵਜੋਂ ਮੁਲਾਜ਼ਮਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਬੱਸ ਸਟੈਂਡ ਵਿਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦੱਸਿਆ ਕਿ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਕਰਵਾਉਣ ਦਾ 34 ਕਰੋੜ ਰੁਪਏ ਮਹੀਨਾ ਬਣਦਾ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਮੁਲਾਜ਼ਮ ਵਰਗ ਦੀਆਂ ਤਨਖਾਹਾਂ ਤੇ ਪੈਨਸ਼ਨਾਂ 5 ਮਹੀਨੇ ਤੋਂ ਰੁਕੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੋ ਤਨਖ਼ਾਹ ਪਹਿਲੇ ਹਫ਼ਤੇ ਮਿਲਣੀ ਚਾਹੀਦੀ ਹੈ। ਮਹੀਨੇ ਦੇ ਆਖਰੀ ਹਫ਼ਤੇ ਵਿਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਤਨਖ਼ਾਹ ਮਿਲਦੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ 19 ਸਤੰਬਰ ਨੂੰ ਕਮਿਸ਼ਨਰ ਪਟਿਆਲਾ ਵਿਖੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਵੀ ਪੜ੍ਹੋ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੁਣ ਇਸ ਦਿਨ ਤੋਂ ਮੁਹਾਲੀ ਵਿੱਚ ਲਾਉਣਗੇ ਪੱਕਾ ਮੋਰਚਾ ਕਾਬਿਲੇਗੌਰ ਅੱਜ ਸਵੇਰੇ ਜਲੰਧਰ ਵਿਖੇ ਮੁਲਾਜ਼ਮਾਂ ਨੂੰ ਹਾਲੇ ਤੱਕ ਜੁਲਾਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਨੇ ਡੀਸੀ ਦਫ਼ਤਰ ਦੇ ਬਾਹਰ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਸਾੜਿਆ। ਮੁਲਾਜ਼ਮ ਆਗੂ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰ ਮਹਿੰਗੀ ਇਸ਼ਤਿਹਾਰਬਾਜ਼ੀ ਕਰਨ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਦੇਵੇ ਧਿਆਨ। ਇਕ ਪਾਸੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਪੰਜਾਬ ਦੇ ਵਿੱਤੀ ਹਾਲਾਤ ਠੀਕ ਹਨ ਤਾਂ ਫਿਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕਿਉਂ ਨਹੀਂ ਦਿੱਤੀ ਜਾ ਰਹੀਆਂ। ਆਮ ਆਦਮੀ ਪਾਰਟੀ ਦੇ ਆਗੂ ਦੂਜੇ ਸੂਬਿਆਂ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਉਹੀ ਵਾਅਦੇ ਕਰ ਰਹੇ ਨੇ ਪੰਜ ਮਹੀਨੇ ਪਹਿਲਾਂ ਪੰਜਾਬ ਵਿਚ ਕੀਤੇ ਸਨ ਪਰ ਉਨ੍ਹਾਂ ਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ 10 ਸਤੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਵਿਸ਼ਾਲ ਰੈਲੀ ਕੀਤੀ ਜਾਵੇਗੀ। -PTC News