Farm Laws Repealed: ਕੇਂਦਰੀ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ 'ਚ ਅੱਜ ਕਾਨੂੰਨ ਵਾਪਸੀ ਨੂੰ ਮਿਲ ਸਕਦੀ ਮਨਜ਼ੂਰੀ
Union Cabinet Meeting: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ (Farm Laws Repeal) ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਸ ਐਲਾਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਜਾਰੀ ਹੈ। ਹੁਣ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਮੋਦੀ ਕੈਬਨਿਟ ਇਸ ਅੱਜ ਯਾਨੀ 24 ਨਵੰਬਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਦੇਵੇਗੀ। ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ 'ਚ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ (Union Cabinet Meeting) ਹੋਣੀ ਹੈ ਅਤੇ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਮੋਦੀ ਕੈਬਨਿਟ ਅੱਜ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਆਪਣੀ ਮਨਜ਼ੂਰੀ ਦੇ ਸਕਦੀ ਹੈ। PMO 'ਚ ਅੱਜ ਸਵੇਰੇ 11 ਵਜੇ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ। ਦੱਸ ਦਈਏ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ 'ਚ ਜਾਂ ਤਾਂ ਤਿੰਨ ਕਾਨੂੰਨਾਂ ਲਈ ਤਿੰਨ ਵੱਖ-ਵੱਖ ਬਿੱਲ ਜਾਂ ਤਿੰਨਾਂ ਲਈ ਇੱਕ ਬਿੱਲ ਲੋਕ ਸਭਾ ਜਾਂ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ। ਪੇਸ਼ ਕੀਤੇ ਜਾਣ ਤੋਂ ਬਾਅਦ ਬਿੱਲ ਨੂੰ ਬਗੈਰ ਕਿਸੇ ਚਰਚਾ ਦੇ ਇੱਕ ਸਦਨ ਅਤੇ ਫਿਰ ਦੂਜੇ ਸਦਨ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਵਾਨਗੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਦੱਸਣਯੋਗ ਹੈ ਕਿ ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਅੱਜ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ 'ਤੇ ਚਰਚਾ ਹੋਈ ਸੀ। -PTC News