ਬਿਜਲੀ ਸੰਕਟ ਨੂੰ ਲੈ ਕੇ ਕਿਸਾਨ ਮਜ਼ਦੂਰ ਜਥੇਬੰਦੀ ਵੱਡੇ ਸੰਘਰਸ਼ ਦੇ ਰੌਅ 'ਚ
ਅੰਮ੍ਰਿਤਸਰ : ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਸੂਬਾ ਕਮੇਟੀ ਦੀ ਮੀਟਿੰਗ ਕਰ ਕੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਦੀ ਜ਼ਿੰਮੇਵਾਰ ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਹੈ ਤੇ 5 ਮਈ ਨੂੰ ਡੀਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦੇਣ ਦੀ ਤਿਆਰੀ ਕੀਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਮਤਾ ਪਾਸ ਕਰ ਕੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਖੇਤੀ ਮੋਟਰਾਂ ਨੂੰ 8 ਘੰਟੇ ਤੇ ਘਰੇਲੂ ਸਪਲਾਈ 24 ਘੰਟੇ ਨਿਰਵਿਘਨ ਦੇਣ ਦੀ ਮੰਗ ਕੀਤੀ। ਪੰਜਾਬ ਦੇ ਬਿਜਲੀ ਸੰਕਟ ਤੇ ਹੋਰ ਕਿਸਾਨੀ ਮਸਲਿਆਂ ਸਬੰਧੀ ਜਿਵੇਂ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਵਾਉਣ, ਕਣਕ ਉੱਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਤੇ ਹੋਰ ਮੰਗਾਂ ਨੂੰ ਲੈ ਕੇ 5 ਮਈ ਨੂੰ ਪੰਜਾਬ ਦੇ 15 ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦੇਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਇੱਕ ਹੋਰ ਮਤੇ ਰਾਹੀਂ ਪਟਿਆਲਾ ਦੋ ਫ਼ਿਰਕਿਆਂ ਵਿੱਚ ਹੋਏ ਟਕਰਾਅ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਕਰ ਕੇ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਨਸ਼ਾ ਮਾਫੀਆ, ਧਰਤੀ, ਹਵਾ, ਪਾਣੀ ਦੀ ਹੋ ਰਹੀ ਤਬਾਹੀ ਖਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਨਿੱਜੀ ਸਕੂਲ, ਹਸਪਤਾਲਾਂ ਨੂੰ ਸਰਕਾਰੀ ਕੰਟਰੋਲ ਹੇਠ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੀਟਿੰਗ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਨੋਚਾਹਲ, ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ ਸਿੰਘ ਮਾਨ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਪਰਮਜੀਤ ਸਿੰਘ ਹੁਸ਼ਿਆਰਪੁਰ, ਰਾਣਾ ਰਣਬੀਰ ਸਿੰਘ ਫਿਰੋਜ਼ਪੁਰ, ਸਰਵਣ ਸਿੰਘ ਕਪੂਰਥਲਾ, ਗੁਰਦੇਵ ਸਿੰਘ ਮੋਗਾ, ਸਲਵਿੰਦਰ ਸਿੰਘ ਜਲੰਧਰ, ਇੰਦਰਜੀਤ ਸਿੰਘ ਫਿਰੋਜ਼ਪੁਰ, ਗੁਰਲਾਲ ਸਿੰਘ ਮਾਨ ਆਦਿ ਆਗੂ ਹਾਜ਼ਰ ਸਨ। ਇਹ ਵੀ ਪੜ੍ਹੋ : ਚੰਨੀ ਦੇ ਭਤੀਜੇ ਹਨੀ ਦੀ ਸਪੈਸ਼ਲ ਅਦਾਲਤ 'ਚ 2 ਮਈ ਨੂੰ ਹੋਵੇਗੀ ਸੁਣਵਾਈ