ਲੰਬੀ ’ਚ ਲਾਠੀਚਾਰਜ ਮਾਮਲੇ ’ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ
ਲੰਬੀ: ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕੱਲ ਦੇਰ ਰਾਤ ਤੱਕ ਨਾਇਬ ਤਹਿਸੀਲਦਾਰ ਦਫ਼ਤਰ ਦਾ ਘਿਰਾਓ ਕਰੀ ਬੈਠੇ ਕਿਸਾਨਾਂ ਤੇ ਮਜ਼ਦੂਰਾਂ ਉਤੇ ਭਾਰੀ ਪੁਲਿਸ ਫੋਰਸ ਵਲੋਂ ਲਾਠੀਚਾਰਜ ਕਰਕੇ ਅੱਧੀ ਦਰਜਨ ਕਿਸਾਨਾਂ ਤੇ ਮਜ਼ਦੂਰਾਂ ਨੂੰ ਜ਼ਖ਼ਮੀ ਕਰਨ ਤੇ ਉਲਟ ਕਿਸਾਨ ਮਜ਼ਦੂਰ ਆਗੂਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਵਿਰੁੱਧ ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਵੱਲੋਂ ਤਹਿਸੀਲ ਦਫ਼ਤਰ ਅੱਗੇ ਮਲੋਟ -ਡੱਬਵਾਲੀ ਨੈਸ਼ਨਲ ਹਾਈਵੇ ਉੱਤੇ 1 ਵਜੇ ਤੋਂ 5 ਵਜੇ ਤੱਕ ਚੱਕਾ ਜਾਮ ਕੀਤਾ ਗਿਆ। ਇਸ ਜਾਮ ਵਿੱਚ ਜ਼ਿਲ੍ਹਾ ਮੁਕਤਸਰ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ 'ਤੇ ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕੀਤਾ ਜਾਵੇ, ਮਜ਼ਦੂਰਾਂ ਕਿਸਾਨਾਂ 'ਤੇ ਦਰਜ਼ ਕੇਸ ਵਾਪਸ ਲਿਆ ਜਾਵੇ, ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਮੁਆਵਜ਼ਾ ਸੂਚੀ ਚੋਂ ਬਾਹਰ ਰਹਿੰਦੇ ਯੋਗ ਕਿਸਾਨਾਂ ਦੀ ਸ਼ਨਾਖਤ ਕਰਨ ਲਈ ਪਿੰਡ ਪੱਧਰ 'ਤੇ ਜਨਤਕ ਸੁਣਵਾਈ ਕੀਤੀ ਜਾਵੇ ਅਤੇ ਨਰਮਾ ਚੁਗਾਵਿਆਂ ਦੀ ਸ਼ਨਾਖਤ ਲਈ ਪਿੰਡ ਪੱਧਰ 'ਤੇ ਅਜਲਾਸ ਕਰਕੇ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ 29 ਮਾਰਚ ਤੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਇਕੱਠ ਨੂੰ ਬੀਕੇਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ,ਮੋਠੂ ਸਿੰਘ ਕੋਟੜਾ, ਲੰਬੀ ਬਲਾਕ ਦੇ ਪ੍ਰਧਾਨ ਗੁਰਪਾਸ਼ ਸਿੰਘ, ਹਰਬੰਸ ਸਿੰਘ ਕੋਟਲੀ, ਭੁਪਿੰਦਰ ਸਿੰਘ ਚੰਨੂ , ਮਲਕੀਤ ਸਿੰਘ ਗੱਗੜ,ਹਰਪਾਲ ਸਿੰਘ ਕਿੱਲਿਆਂਵਾਲੀ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਮਨਜਿੰਦਰ ਸਿੰਘ ਸਰਾਂ ਮਹਿਲਾ ਕਿਸਾਨ ਆਗੂ ਮਾਲਣ ਕੌਰ ਤੇ ਸੁਖਜੀਤ ਕੌਰ ਅਤੇ ਮਹਿਲਾ ਮਜ਼ਦੂਰ ਆਗੂ ਗੁਰਮੇਲ ਕੌਰ ਤੇ ਤਾਰਾਵੰਤੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਉਹਨਾਂ ਦੋਸ਼ ਲਾਇਆ ਕਿ ਜ਼ਿਲ੍ਹਾ ਮੁਕਤਸਰ ਦੇ ਕਿਸਾਨ ਤੇ ਖੇਤ ਮਜ਼ਦੂਰ ਨਰਮਾ ਖਰਾਬੇ ਦਾ ਐਲਾਨ ਕੀਤਾ ਮੁਆਵਜ਼ਾ ਹਾਸਲ ਕਰਨ ਲਈ ਕਈ ਮਹੀਨਿਆਂ ਤੋਂ ਅਧਿਕਾਰੀਆਂ ਦੀ ਬੇਰੁੱਖੀ ਕਾਰਨ ਦਫ਼ਤਰਾਂ 'ਚ ਖਾਕ ਛਾਣ ਰਹੇ ਹਨ। ਪਰ ਕਿਸੇ ਵੀ ਕਿਸਾਨ ਮਜ਼ਦੂਰ ਨੂੰ ਅਜੇ ਤੱਕ ਇੱਕ ਧੇਲਾ ਵੀ ਨਹੀਂ ਦਿੱਤਾ ਗਿਆ । ਉਹਨਾਂ ਦੋਸ਼ ਲਾਇਆ ਕਿ ਪਹਿਲਾਂ 7ਫਰਵਰੀ ਨੂੰ ਨਾਇਬ ਤਹਿਸੀਲਦਾਰ ਦਫ਼ਤਰ ਲੰਬੀ ਵਿਖੇ ਕੀਤੇ ਪ੍ਰਦਰਸ਼ਨ ਦੌਰਾਨ ਏ ਡੀ ਸੀ ਵੱਲੋਂ ਇੱਕ ਹਫ਼ਤੇ 'ਚ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਜ਼ੋ ਪੂਰਾ ਨਹੀਂ ਅਤੇ ਕੱਲ ਵੀ ਉਹਨਾਂ ਵੱਲੋਂ ਨਾਇਬ ਤਹਿਸੀਲਦਾਰ ਦਫ਼ਤਰ ਅੱਗੇ ਦਿਨ ਭਰ ਧਰਨਾ ਦੇਣ ਦੇ ਬਾਵਜੂਦ ਵੀ ਕਿਸੇ ਅਧਿਕਾਰੀ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ ਜਿਸ ਕਾਰਨ ਉਹਨਾਂ ਨੂੰ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ। ਉਹਨਾਂ ਦੋਸ਼ ਲਾਇਆ ਕਿ ਦੇਰ ਰਾਤ ਪੁਲਿਸ ਵੱਲੋਂ ਲਾਠੀਚਾਰਜ ਤੋਂ ਇਲਾਵਾ ਨਾਇਬ ਤਹਿਸੀਲਦਾਰ ਦੇ ਅਮਲੇ ਵੱਲੋਂ ਵੀ ਮਜ਼ਦੂਰਾਂ ਕਿਸਾਨਾਂ ਉੱਤੇ ਹਮਲਾ ਕੀਤਾ ਗਿਆ ਜਿਸ ਦੌਰਾਨ 7 ਜਣੇ ਜ਼ਖ਼ਮੀ ਹੋਏ ਹਨ। ਉਹਨਾਂ ਦੋਸ਼ ਲਾਇਆ ਕਿ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਉੱਪਰ ਲਾਠੀਚਾਰਜ ਕਰਨ ਤੋਂ ਇਲਾਵਾ ਮੁਕੱਦਮਾ ਵੀ ਉਹਨਾਂ ਉੱਪਰ ਹੀ ਦਰਜ਼ ਕੀਤਾ ਗਿਆ ਜਿਸਤੋਂ ਸਾਫ਼ ਹੈ ਸਿਰਫ਼ ਰਾਜ਼ ਕਰਨ ਵਾਲੀ ਪਾਰਟੀ ਹੀ ਬਦਲੀ ਹੈ ਜ਼ਾਲਮ ਦਸਤੂਰ ਉਵੇਂ ਜਿਵੇਂ ਕਾਇਮ ਹੈ। ਉਹਨਾਂ ਕਿਹਾ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਐਲਾਨ ਸੀ ਕਿ ਵਿਧਾਇਕ ਲੋਕਾਂ ਕੋਲ ਜਾਣਗੇ ਪਰ ਅਫਸੋਸ ਕਿ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਂ ਕੱਲ ਧਰਨੇ 'ਤੇ ਬੈਠੇ ਕਿਸਾਨਾਂ ਦੀ ਸਾਰ ਲਈ ਗਈ ਤੇ ਨਾਂ ਲਾਠੀਚਾਰਜ ਤੋਂ ਬਾਅਦ ਉਹਨਾਂ ਦੀ ਬਾਤ ਪੁੱਛੀ ਗਈ। ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਉਹ ਖੁਦ ਦਖ਼ਲ ਦੇਕੇ ਕਿਸਾਨਾਂ ਮਜ਼ਦੂਰਾਂ ਨਾਲ਼ ਇਨਸਾਫ਼ ਕਰਨ । ਕਿਸਾਨ ਆਗੂਆਂ ਨੇ ਪਟਵਾਰੀਆਂ ਵੱਲੋਂ ਉਹਨਾਂ ਨੂੰ ਬੰਦੀ ਬਣਾਉਣ ਦੇ ਦੋਸ਼ਾਂ ਨੂੰ ਨਿਰ ਅਧਾਰ ਕਰਾਰ ਦਿੰਦਿਆਂ ਕਿਹਾ ਕਿ ਉਹਨਾਂ ਵੱਲੋਂ ਕਿਸੇ ਨੂੰ ਬੰਦੀ ਨਹੀ ਬਣਾਇਆ ਗਿਆ ਸਿਰਫ਼ ਨਾਇਬ ਤਹਿਸੀਲਦਾਰ ਦਾ ਹੀ ਘਿਰਾਓ ਕੀਤਾ ਗਿਆ ਸੀ ਅਤੇ ਬਾਕੀ ਸਭਨਾਂ ਮੁਲਾਜ਼ਮਾਂ ਨੂੰ ਘਰ ਜਾਣ ਦੀ ਆਗਿਆ ਦੇ ਦਿੱਤੀ ਗਈ ਸੀ ਪਰ ਉਹਨਾਂ ਖੁਦ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਉਹਨਾਂ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ। ਇਸੇ ਦੌਰਾਨ ਜ਼ਿਲ੍ਹੇ ਦੇ ਐਸ ਪੀ ਡੀ ਸਮੇਤ ਹੋਰ ਅਧਿਕਾਰੀਆਂ ਵੱਲੋਂ ਸੜਕ ਜਾਮ ਕਰੀ ਬੈਠੇ ਲੋਕਾਂ ਦੇ ਇਕੱਠ 'ਚ ਪਹੁੰਚ ਕੇ ਇਨਸਾਫ ਦਾ ਭਰੋਸਾ ਦਿੱਤਾ ਗਿਆ ਅਤੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਉਹਨਾਂ ਨੂੰ ਸੌਪਿਆਂ ਗਿਆ। ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਗੱਗੜ, ਕੁਲਵੰਤ ਰਾਏ,ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਕੇ ਤੇ ਤਰਸੇਮ ਸਿੰਘ ਖੁੰਡੇ ਹਲਾਲ ਤੋਂ ਇਲਾਵਾ ਗੁਰਤੇਜ ਸਿੰਘ ਖੁੱਡੀਆਂ ਆਦਿ ਆਗੂ ਵੀ ਮੌਜੂਦ ਸਨ। -PTC News