ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਅਗਨੀਪਥ ਸਕੀਮ ਦਾ ਕੀਤਾ ਵਿਰੋਧ
ਬਠਿੰਡਾ: ਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਲਈ ਲਿਆਂਦੀ ਗਈ ਅਗਨੀਪਥ ਸਕੀਮ ਦਾ ਦੇਸ਼ ਅੰਦਰ ਲਗਾਤਾਰ ਵਿਰੋਧ ਹੋ ਰਿਹਾ ਹੈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਵੱਲੋਂ ਅਗਨੀਪਥ ਯੋਜਨਾ ਦਾ ਵਿਰੋਧ ਕਰਦੇ ਹੋਏ ਬਠਿੰਡਾ ਦੇ ਡੀਸੀ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਪ੍ਰਦਰਸ਼ਨ ਵਿੱਚ ਕਿਰਤੀ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕਿਸਾਨਾਂ ਨੇ ਅਗਨੀਪਥ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ ਅਗਨੀਪਥ ਸਕੀਮ ਦੇ ਵਿਰੋਧ ਦਾ ਸੱਦਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਖ਼ਿਲਾਫ਼ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਵਿਰੋਧ ਪ੍ਰਦਰਸ਼ਨ ਕਰਕੇ ਡੀਸੀ ਨੂੰ ਰਾਸ਼ਟਰਪਤੀ ਦੇ ਨਾਮ ਉੱਤੇ ਮੰਗ ਪੱਤਰ ਦਿੱਤਾ ਗਿਆ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਅਗਨੀਪਥ ਯੋਜਨਾ ਨੂੰ ਸਰਕਾਰ ਵੱਲੋਂ ਰੱਦ ਕੀਤਾ ਜਾਵੇ।
ਪੰਜਾਬ ਵਿੱਚ ਫੈਲੀ ਬਿਮਾਰੀ ਲੰਪੀ ਸਕਿਨ ਬਾਰੇ ਕਿਸਾਨ ਆਗੂ ਸ਼ਿੰਗਾਰਾ ਸਿੰਘ ਨੇ ਕਿਹਾ ਹੈ ਕਿ ਲੰਪੀ ਸਕਿਨ ਨਾਲ ਪੀੜਤ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ। ਕਿਸਾਨ ਆਗੂ ਨੇ ਦੱਸਿਆ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦੀ ਮੰਗ ਲਈ ਵੀ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਉੱਤੇ ਸਰਕਾਰਾਂ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਫੜਿਆ ਜ਼ੋਰ, ਥਾਂ-ਥਾਂ ਨਿਕਲੀਆਂ ਰੈਲੀਆਂ
-PTC News