ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ- 29 ਨਵੰਬਰ ਨੂੰ 500 ਕਿਸਾਨ ਟਰੈਕਟਰ ਲੈ ਕੇ ਸੰਸਦ ਵੱਲ ਕਰਨਗੇ ਕੂਚ
Farmers Protest: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਅੰਦੋਲਨ ਨੂੰ ਤਿੱਖਾ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਵਲੋਂ ਹੋਈ ਮੀਟਿੰਗ ਦੌਰਾਨ 26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ 'ਚ ਇਤਿਹਾਸਕ ਕਿਸਾਨ ਸੰਘਰਸ਼ ਦੀ ਇੱਕ ਸਾਲਾ ਇਤਿਹਾਸਕ ਵਰ੍ਹੇਗੰਢ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ।
ਕਿਸਾਨਾਂ ਨੇ ਅੱਜ ਹੋਈ ਅਹਿਮ ਬੈਠਕ ਵਿੱਚ ਕਿਹਾ ਗਿਆ ਹੈ ਕਿ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ 'ਤੇ ਕਿਸਾਨ 29 ਨਵੰਬਰ ਨੂੰ ਸੰਸਦ ਭਵਨ ਤੱਕ ਟਰੈਕਟਰ ਮਾਰਚ ਕੱਢਣਗੇ। ਇਸ ਵਿੱਚ 500 ਦੇ ਕਰੀਬ ਕਿਸਾਨ ਸ਼ਾਮਲ ਹੋਣਗੇ। ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਆਪਣੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ।
ਕਿਸਾਨ ਮੋਰਚੇ ਦੀ ਇਹ ਮੀਟਿੰਗ ਕੁੰਢਲੀ ਸਰਹੱਦ ਵਿਖੇ ਹੋਈ। ਇਸ ਵਿੱਚ ਸਾਰੇ ਵੱਡੇ ਕਿਸਾਨ ਆਗੂ ਹਾਜ਼ਰ ਸਨ। ਕਿਸਾਨ ਅੰਦੋਲਨ ਨੂੰ 26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸੇ ਦਿਨ ਕਿਸਾਨਾਂ ਦੇ ਟਰੈਕਟਰ ਮਾਰਚ ਦੇ ਐਲਾਨ ਨਾਲ ਮੁੜ ਟਕਰਾਅ ਦੀ ਸੰਭਾਵਨਾ ਬਣ ਗਈ ਹੈ।
-PTC News