ਭਗਵੰਤ ਮਾਨ ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ- ਸਰਟੀਫਿਕੇਟ ਲੈਣ ਲਈ ਹੁਣ ਦੇਣੇ ਪੈਣਗੇ ਸਿਰਫ਼ 100 ਰੁਪਏ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵਿਦਿਆਰਥੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਵਿਦਿਆਰਥੀਆਂ ਕੋਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਵਸੂਲੀ ਜਾਂਦੀ ਫੀਸ ਨੂੰ ਇਲਾਵਾ ਪ੍ਰੀਖਿਆ ਸਰਟੀਫਿਕੇਟ ਲਈ ਫੀਸ ਵਸੂਲਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਟੀਫਿਕੇਟ (Certificate) ਜਾਰੀ ਕਰਨ ਦੀ ਫੀਸ 800 ਰੁਪਏ ਤੋਂ ਘਟਾ ਕੇ 100 ਰੁਪਏ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ 2020-21 ਦੇ ਸਰਟੀਫਿਕੇਟ (Certificate)ਜਾਰੀ ਕਰਨ ਲਈ ਬੋਰਡ ਨੇ ਪਹਿਲਾਂ 300 ਰੁਪਏ ਪ੍ਰਤੀ ਵਿਦਿਆਰਥੀ ਵਸੂਲੇ ਤੇ ਫਿਰ ਅਚਾਨਕ ਇਹ ਫੀਸ ਵਧਾ ਕੇ 800 ਰੁਪਏ ਕਰ ਦਿੱਤੀ ਸੀ। ਬੱਚਿਆਂ ਦੇ ਮਾਪਿਆਂ ਵੱਲੋਂ ਇਸ ਫ਼ੈਸਲੇ ਦਾ ਜੰਮ ਕੇ ਵਿਰੋਧ ਕੀਤਾ ਗਿਆ। ਵਿਰੋਧੀ ਪਾਰਟੀਆਂ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਤਾਂ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ 'ਚ ਆਇਆ। ਉਨ੍ਹਾਂ ਤੁਰੰਤ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਗੱਲਬਾਤ ਕਰ ਕੇ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਬੋਰਡ ਪ੍ਰਤੀ ਸਖਤ ਰੁਖ ਅਪਣਾਉਂਦਿਆਂ ਕਾਂਗਰਸ ਸਰਕਾਰ ਸਮੇਂ ਸ਼ੁਰੂ ਹੋਈ 800 ਰੁਪਏ ਦੀ ਥਾਂ ਸਿਰਫ਼ 100 ਰੁਪਏ ਫੀਸ ਜਮ੍ਹਾਂ ਕਰਵਾਉਣ ਦਾ ਐਲਾਨ ਕਰ ਦਿੱਤਾ। ਇਹ ਵੀ ਪੜ੍ਹੋ: ਪਟਿਆਲਾ 'ਚ ਪਹਿਲੀ ਮਹਿਲਾ ਡੀਸੀ ਵਜੋਂ ਸਾਕਸ਼ੀ ਸਾਹਨੀ ਨੇ ਸੰਭਾਲਿਆ ਅਹੁਦਾ ਇਸ ਐਲਾਨ ਨਾਲ ਸਮੁੱਚੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਸੈਂਕੜੇ ਵਿਦਿਆਰਥੀ ਅਜਿਹੇ ਸਨ, ਜਿਨ੍ਹਾਂ ਦੇ ਮਾਤਾ-ਪਿਤਾ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਇਹ ਫੀਸ ਭਰਨ ਤੋਂ ਅਸਮਰੱਥ ਸਨ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੀ ਨਵੀਂ ਸਰਕਾਰ ਯਾਨੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ। -PTC News