ਵਿੱਤ ਮੰਤਰੀ ਚੀਮਾ ਵੱਲੋਂ ਯੂਜੀਸੀ ਦੀ ਸਿਫਾਰਿਸ਼ਾਂ ਅਨੁਸਾਰ ਤਨਖ਼ਾਹਾਂ 'ਤੇ ਵਿਚਾਰ ਕਰਨ ਦਾ ਭਰੋਸਾ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅਧਿਆਪਕ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਹੇਅਰ ਨਾਲ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਵੱਲੋਂ ਕੀਤੀਆਂ ਗਈਆਂ ਸਿਫ਼ਾਰਿਸ਼ਾਂ ਅਨੁਸਾਰ ਤਨਖ਼ਾਹਾਂ ਵਧਾਉਣ ਦੀ ਉਨ੍ਹਾਂ ਦੀ ਮੰਗ ਉਤੇ ਚਰਚਾ ਕਰਨਗੇ। ਅੱਜ ਇੱਥੇ ਮਗਸੀਪਾ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਤੇ ਚੰਡੀਗੜ੍ਹ ਦੀਆਂ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਯੂਨੀਅਨਾਂ ਵੱਲੋਂ ਉਠਾਈ ਗਈ ਮੰਗ ਦੇ ਵਿੱਤੀ ਪ੍ਰਭਾਵ ਨੂੰ ਸਾਂਝਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸੌੜੀਆਂ ਨੀਤੀਆਂ ਕਾਰਨ ਸੂਬਾ ਵਿੱਤੀ ਬੋਝ ਹੇਠ ਦੱਬਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਖੇਤਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤੱਥ ਤੋਂ ਵੀ ਜਾਣੂ ਹੈ ਕਿ 'ਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਲਈ ਯੂਜੀਸੀ ਦੀਆਂ ਸਿਫਾਰਸ਼ਾਂ ਅਨੁਸਾਰ ਤਨਖ਼ਾਹ ਸਕੇਲ ਜ਼ਿਆਦਾਤਰ ਰਾਜਾਂ ਵੱਲੋਂ ਲਾਗੂ ਕਰ ਦਿੱਤੇ ਗਏ ਹੋਏ ਹਨ। ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਅੰਦਰ ਕੀਤੀ ਗਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਉਨ੍ਹਾਂ ਖ਼ੁਦ ਇਸ ਮੁੱਦੇ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਲਈ ਯੂਨੀਅਨਾਂ ਨਾਲ ਇਹ ਮੀਟਿੰਗ ਬੁਲਾਈ ਹੈ ਕਿਉਂਕਿ ਮੁੱਖ ਮੰਤਰੀ ਪਹਿਲਾਂ ਹੀ ਇਸ ਮੁੱਦੇ ਬਾਰੇ ਆਪਣੀ ਇੱਛਾ ਜ਼ਾਹਰ ਕਰ ਚੁੱਕੇ ਹਨ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਤੇ ਡੀ.ਪੀ.ਆਈ.ਕਾਲਜ ਰਾਜੀਵ ਗੁਪਤਾ ਵੀ ਹਾਜ਼ਰ ਸਨ। -PTC News ਇਹ ਵੀ ਪੜ੍ਹੋ : ਹੈਰਾਨੀਜਨਕ ! ਚਾਰ ਸਾਲ ਦੇ ਬੱਚੇ ਨੂੰ ਮੂੰਹ ਜ਼ੁਬਾਨੀ ਹਨੂੰਮਾਨ ਚਾਲੀਸਾ ਯਾਦ