ਡਰੱਗ ਮਾਮਲਾ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ FIR ਦਰਜ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ। ਇਹ ਐਫਆਈਆਰ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ। ਮਜੀਠੀਆ ਤੇ ਧਾਰਾ 25, 27ਏ ਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬਿਕਰਮ ਮਜੀਠੀਆ ਡਰੱਗ ਮਾਮਲੇ ਨੂੰ ਲੈ ਕੇ ਵਾਰ-ਵਾਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਿਛਲੇ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਜਾਂਚ ਲਈ ਲਗਾਤਾਰ ਦਬਾਅ ਬਣਾ ਰਹੇ ਸੀ। ਦੱਸ ਦਈਏ ਕਿ SIT ਮਾਮਲੇ ਦੀ ਜਾਂਚ ਕਰ ਰਹੀ ਹੈ। ਏਆਈਜੀ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਏਜੀ ਦੀ ਰਿਪੋਰਟ 'ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਕੀਤੀ ਗਈ ਹੈ। ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਵੱਡੀ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਚੰਨੀ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ। ਸੀਨੀਅਰ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ 'ਤੇ ਮਾਮਲਾ ਦਰਜ ਕੀਤੇ ਜਾਣ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਬਦਲੇ ਦੀ ਭਾਵਨਾ ਨੂੰ ਲੈ ਕੇ ਇਹ ਸਭ ਕਰਦੀ ਆ ਰਹੀ ਹੈ ਤੇ ਅਕਾਲੀ ਦਲ ਇਸ ਤੋਂ ਡਰਨ ਵਾਲਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਮੇਰੇ 'ਤੇ ਕਈ ਮਾਮਲੇ ਦਰਜ ਕੀਤੇ ਜਿਨ੍ਹਾਂ ਦਾ ਅਸੀਂ ਡਟ ਕੇ ਮੁਕਾਬਲਾ ਕੀਤਾ ਹੁਣ ਵੀ ਮੁਕਾਬਲਾ ਕਰਾਂਗੇ। -PTC News