ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਹੋਇਆ ਦਿਹਾਂਤ
Mulayam Singh Yadav Death: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ 8:16 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਮੁਲਾਇਮ ਸਿੰਘ ਯਾਦਵ ਦਾ ਜੀਵਨ ਮੁਲਾਇਮ ਸਿੰਘ ਯਾਦਵ ਦਾ ਜਨਮ 22 ਨਵੰਬਰ 1939 ਨੂੰ ਇਟਾਵਾ ਜ਼ਿਲ੍ਹੇ ਦੇ ਸੈਫ਼ਈ ਵਿੱਚ ਹੋਇਆ ਸੀ। ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ ਐਮ.ਏ. ਕੀਤੀ ਹੋਈ ਸੀ। ਉਹ 1967 ਵਿੱਚ ਯੂਪੀ ਦੇ ਜਸਵੰਤ ਨਗਰ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਵਿੱਚ ਪਹੁੰਚੇ ਅਤੇ ਫਿਰ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਹ ਅੱਠ ਵਾਰ ਵਿਧਾਇਕ ਚੁਣੇ ਗਏ ਅਤੇ ਸੱਤ ਵਾਰ ਚੁਣੇ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਬਣੇ। 1996 ਵਿੱਚ ਉਨ੍ਹਾਂ ਨੂੰ ਸੰਯੁਕਤ ਮੋਰਚੇ ਦੀ ਗੱਠਜੋੜ ਸਰਕਾਰ ਵਿੱਚ ਰੱਖਿਆ ਮੰਤਰੀ ਬਣਨ ਦਾ ਮੌਕਾ ਵੀ ਮਿਲਿਆ। ਸਿਆਸੀ ਸਫ਼ਰ ਮੁਲਾਇਮ ਸਿੰਘ ਯਾਦਵ 1977 ਵਿੱਚ ਉਹ ਜਨਤਾ ਪਾਰਟੀ ਤੋਂ ਪਹਿਲੀ ਵਾਰ ਯੂਪੀ ਦੇ ਮੰਤਰੀ ਬਣੇ, ਜਦੋਂ ਕਿ 1989 ਵਿੱਚ ਉਹ ਪਹਿਲੀ ਵਾਰ ਯੂਪੀ ਦੇ ਮੁੱਖ ਮੰਤਰੀ ਬਣੇ। ਇਸ ਤੋਂ ਬਾਅਦ 1993 ਅਤੇ ਫਿਰ 2003 ਵਿੱਚ ਉਹ ਦੂਜੀ ਅਤੇ ਤੀਜੀ ਵਾਰ ਮੁੱਖ ਮੰਤਰੀ ਦੇ ਅਹੁਦੇ 'ਤੇ ਬਿਰਾਜਮਾਨ ਹੋਏ। ਮੁਲਾਇਮ ਸਿੰਘ ਨੇ 1992 ਵਿੱਚ ਸਮਾਜਵਾਦੀ ਪਾਰਟੀ ਦੀ ਸਥਾਪਨਾ ਕੀਤੀ ਅਤੇ 1993 ਵਿੱਚ ਬਸਪਾ ਨਾਲ ਮਿਲ ਕੇ ਸਰਕਾਰ ਬਣਾਈ। ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ ਦੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਉਹ ਇਸ ਦੇ ਸਰਪ੍ਰਸਤ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਮੁਲਾਇਮ ਸਿੰਘ ਯਾਦਵ ਇਸ ਸਮੇਂ ਲੋਕ ਸਭਾ ਵਿੱਚ ਮੈਨਪੁਰੀ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ। ਇਹ ਵੀ ਪੜ੍ਹੋ:ਜੰਮੂ-ਕਸ਼ਮੀਰ 'ਚ ਮੁਕਾਬਲਾ, ਦੋ ਅੱਤਵਾਦੀ ਢੇਰ -PTC News