ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਦੋਸ਼ੀ ਕਰਾਰ
ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਚੌਟਾਲਾ ਨੂੰ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਦੋ ਦਿਨ ਪਹਿਲਾਂ ਮਾਮਲੇ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਤੋਂ ਬਾਅਦ ਅੱਜ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਓਪੀ ਚੌਟਾਲਾ ਦੀ ਸਜ਼ਾ 'ਤੇ 26 ਮਈ ਨੂੰ ਬਹਿਸ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਅਦਾਲਤ ਸਜ਼ਾ ਦਾ ਐਲਾਨ ਕਰੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੁਲਾਈ ਵਿੱਚ ਓਮ ਪ੍ਰਕਾਸ਼ ਚੌਟਾਲਾ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਓਮ ਪ੍ਰਕਾਸ਼ ਚੌਟਾਲਾ ਨੂੰ ਹਰਿਆਣਾ ਦੇ ਜੇਬੀਟੀ ਭਰਤੀ ਘੁਟਾਲੇ ਵਿੱਚ 10 ਸਾਲ ਦੀ ਸਜ਼ਾ ਸੁਣਾਈ ਗਈ ਸੀ, ਓਮ ਪ੍ਰਕਾਸ਼ ਚੌਟਾਲਾ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਇਲਜ਼ਾਮ ਸੀ। ਇਸ ਮਾਮਲੇ ਵਿੱਚ ਸੀਬੀਆਈ ਨੇ ਸਾਲ 2010 ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਜਿਸ ਅਨੁਸਾਰ 1993 ਤੋਂ 2006 ਦਰਮਿਆਨ ਉਸ ਨੇ ਆਪਣੀ ਆਮਦਨ ਤੋਂ ਕਰੀਬ 6 ਕਰੋੜ ਰੁਪਏ ਵੱਧ ਦੀ ਜਾਇਦਾਦ ਇਕੱਠੀ ਕੀਤੀ। ਓਮ ਪ੍ਰਕਾਸ਼ ਚੌਟਾਲਾ 1999 ਤੋਂ 2005 ਤੱਕ ਹਰਿਆਣਾ ਦੇ ਮੁੱਖ ਮੰਤਰੀ ਵੀ ਰਹੇ ਸਨ।ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਮਨੀ ਲਾਂਡਰਿੰਗ ਦੇ ਇਲਜ਼ਾਮ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਕਾਰਵਾਈ ਕੀਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਓਮ ਪ੍ਰਕਾਸ਼ ਚੌਟਾਲਾ ਦੀ ਦਿੱਲੀ, ਪੰਚਕੂਲਾ ਅਤੇ ਸਿਰਸਾ ਵਿੱਚ 3.68 ਕਰੋੜ ਰੁਪਏ ਦੀ ਜਾਇਦਾਦ ਵੀ ਕੁਰਕ ਕੀਤੀ ਹੈ। ਇਸ ਵਿੱਚ ਫਲੈਟਾਂ ਅਤੇ ਪਲਾਟਾਂ ਤੋਂ ਲੈ ਕੇ ਜ਼ਮੀਨ ਤੱਕ ਸ਼ਾਮਲ ਸੀ।ਜੇਬੀਟੀ ਭਰਤੀ ਮਾਮਲੇ ਵਿੱਚ ਸਜ਼ਾ-ਜ਼ਿਕਰਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਵਿੱਚ ਕਰੀਬ 3 ਹਜ਼ਾਰ ਜੇਬੀਟੀ ਅਧਿਆਪਕਾਂ ਦੀ ਭਰਤੀ ਦੇ ਮਾਮਲੇ ਵਿੱਚ 10 ਸਾਲ ਦਾ ਸਮਾਂ ਕੱਟ ਚੁੱਕੇ ਹਨ। ਓਮ ਪ੍ਰਕਾਸ਼ ਚੌਟਾਲ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਅਜੈ ਚੌਟਾਲਾ ਅਤੇ ਕੁਝ ਅਧਿਕਾਰੀਆਂ ਨੂੰ ਅਦਾਲਤ ਨੇ 10-10 ਸਾਲ ਦੀ ਸਜ਼ਾ ਸੁਣਾਈ ਹੈ। ਇਹ ਵੀ ਪੜ੍ਹੋ:ਪੁਲਿਸ ਨੇ ਤਿੰਨ ਨਸ਼ਾ ਤਸਕਰ ਨੂੰ ਕਰੋੜਾ ਦੀ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ -PTC News