ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਅਰਦਾਸ ਉਪਰੰਤ ਹੋਈ ਆਰੰਭ
ਅੰਮ੍ਰਿਤਸਰ:ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਇਸ ਵਾਰ ਕੋਰੋਨਾ ਕਾਰਨ ਇਹ ਸੇਵਾ ਕਰੀਬ 2 ਸਾਲ ਦੇ ਅਰਸੇ ਮਗਰੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਇਹ ਸੇਵਾ ਨਿਸ਼ਕਾਮ ਰੂਪ ਵਿਚ ਕੀਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਜਥੇ ਵੱਲੋਂ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ। ਧੁਆਈ ਦੀ ਸੇਵਾ ਆਰੰਭ ਕਰਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੱਕਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ। ਇਹ ਵੀ ਪੜ੍ਹੋ:ਆਰਮੀ ਲਈ ਨੌਜਵਾਨ ਦਾ ਕ੍ਰੇਜ਼, 19 ਸਾਲਾ ਲੜਕੇ ਦੀ ਵੀਡੀਓ ਵਾਇਰਲ -PTC News