ਗੁਰਨਾਮ ਸਿੰਘ ਚੜੂਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਚੰਡੀਗੜ੍ਹ : ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕਿਸਾਨ ਅੰਦੋਲਨ ਦੌਰਾਨ ਹੋਏ ਸਮਝੌਤੇ ਦੀਆਂ ਸ਼ਰਤਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਚੁੱਕੀ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਕਿ ਹਰਿਆਣਾ ਵਿੱਚ ਅਜੇ ਵੀ ਕਿਸਾਨਾਂ ਉਤੇ ਦਰਜ ਮਾਮਲੇ ਵਾਪਸ ਨਹੀਂ ਲਏ ਗਏ। ਕਿਸਾਨਾਂ ਉਤੇ ਕੀਤੇ ਗਏ ਕੇਸ ਜਲਦ ਵਾਪਸ ਲਏ ਜਾਣ। ਉਨ੍ਹਾਂ ਨੇ ਲਿਖਿਆ ਕਿ ਕਿਸਾਨ ਅੰਦੋਲਨ ਦੀ ਸਮਾਪਤੀ ਮਗਰੋਂ ਕੇਂਦਰ ਸਰਕਾਰ ਨੇ ਖ਼ੁਦ ਐਲਾਨ ਕੀਤਾ ਸੀ ਕਿ ਕਿਸਾਨਾਂ ਉਤੇ ਦਰਜ ਕੀਤੇ ਗਏ ਕੇਸ ਜਲਦ ਵਾਪਸ ਲਏ ਜਾਣਗੇ ਪਰ ਅਜੇ ਤੱਕ ਕਿਸਾਨਾਂ ਉਪਰ ਦਰਜ ਕੀਤੇ ਗਏ ਮਾਮਲੇ ਵਾਪਸ ਨਹੀਂ ਲਏ ਗਏ ਹਨ ਜਿਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲਿਖਿਆ ਕਿ ਰੇਲਵੇ ਪੁਲਿਸ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ, ਜਿਸ ਕਾਰਨ ਮੁਸ਼ਕਲਾਂ ਦਿਨ ਬ ਦਿਨ ਵੱਧ ਰਹੀਆਂ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਹ ਮੰਗਾਂ ਪੂਰੀਆਂ ਹੋ ਸਕਣ ਤਾਂ ਕਿ ਲੋਕਾਂ ਦਾ ਭਰੋਸਾ ਕੇਂਦਰ ਸਰਕਾਰ ਉਪਰ ਬਣਿਆ ਰਹੇ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਵਿੱਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੀ ਮੌਤ ਹੋ ਗਈ ਸੀ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਇਸ ਖ਼ਿਲਾਫ਼ ਲੋਕਾਂ ਦੀ ਮੀਟਿੰਗ 21 ਮਾਰਚ ਨੂੰ ਘਾਟ ਸਾਹਿਬ ਵਿੱਚ ਹੋਈ ਸੀ। ਇਸ ਦੌਰਾਨ ਮਤਾ ਪਾਸ ਕੀਤਾ ਗਿਆ ਸੀ ਕਿ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨਾ ਗ਼ਲਤ ਹੈ। ਕਿਸਾਨ ਬੇਕਸੂਰ ਹਨ, ਉਨ੍ਹਾਂ ਖ਼ਿਲਾਫ਼ ਕਿਸੇ ਕਿਸਮ ਦਾ ਕੇਸ ਦਰਜ ਨਹੀਂ ਹੋਣਾ ਚਾਹੀਦਾ ਸੀ। ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਈਡੀ ਨੇ ਮੁੜ ਕੱਸਿਆ ਸ਼ਿਕੰਜਾ