ਚੰਡੀਗੜ੍ਹ 'ਚ ਹਰਿਆਣਾ ਦੇ ਮੁੱਖ ਮੰਤਰੀ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਚੰਡੀਗੜ੍ਹ: ਕਰਨਾਲ 'ਚ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਚੰਡੀਗੜ੍ਹ 'ਚ ਜ਼ੋਰਦਾਰ ਪ੍ਰਦਰਸ਼ਨ ਵੇਖਣ ਨੂੰ ਮਿਲਿਆ ਹੈ ਦੱਸ ਦੇਈਏ ਕਿ ਅੱਜ ਭਾਜਪਾ ਸਰਕਾਰ ਦੇ 2500 ਦਿਨ ਪੂਰੇ ਹੋਣ 'ਤੇ ਅੱਜ ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਚ ਪ੍ਰੈੱਸ ਵਾਰਤਾ ਮਨੋਹਰ ਲਾਲ ਖੱਟਰ ਵਲੋਂ ਰੱਖੀ ਗਈ ਸੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਬੀ ਸੈਕਟਰ ਸਥਿਤ ਮਸਜਿਦ ਦੇ ਨੇੜੇ ਹੀ ਰੋਕਿਆ ਗਿਆ ਜਿਸ ਨਾਲ ਕਿਸਾਨਾਂ ਨੇ ਸੜਕ 'ਤੇ ਹੀ ਧਰਨਾ ਲਾਇਆ ਤੇ ਖੱਟਰ ਦੀ ਭਾਜਪਾ ਸਰਕਾਰ ਨੂੰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨਿਵਾਸ ਤੋਂ ਚੰਡੀਗੜ੍ਹ ਪ੍ਰੈਸ ਕਲੱਬ ਨੂੰ ਜਾਣ ਵਾਲੀਆਂ ਸੜਕਾਂ 'ਤੇ ਬਹੁਤ ਸਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ, ਜਦੋਂ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਦੂਜੇ ਪਾਸੇ ਅੱਜ ਜਲੰਧਰ ਵਿਚ ਕਿਸਾਨਾਂ ਨੇ ਭਾਜਪਾ ਦਫ਼ਤਰ ਦੇ ਬਾਹਰ ਕਰਨਾਲ ਵਿਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਮਨੋਹਰ ਲਾਲ ਖੱਟਰ ਦਾ ਪੁਤਲਾ ਸਾੜਿਆ। ਇਸ ਮੌਕੇ ਪੂਰਾ ਪ੍ਰੈੱਸ ਕਲੱਬ ਪੁਲਸ ਛਾਉਣੀ 'ਚ ਤਬਦੀਲਹੋ ਗਿਆ ਹੈ। ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। -PTC News