ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਫੁੱਲਾਂ ਨਾਲ ਕੀਤੀ ਹਰਿਮੰਦਰ ਸਾਹਿਬ ਦੀ ਸਜਾਵਟ, ਗੁਰੂ ਨਗਰੀ ਦੇ 12 ਗੇਟਾਂ ਤੋਂ ਹੋਵੇਗਾ ਨਗਰ ਕੀਰਤਨ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ 448ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਰੂ ਹੋ ਗਈਆਂ ਹਨ। ਇਸ ਦੇ ਲਈ ਪੂਰੇ ਹਰਿਮੰਦਰ ਸਾਹਿਬ ਨੂੰ ਸਜਾਇਆ ਜਾ ਰਿਹਾ ਹੈ। ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ, ਜੋ ਸੋਮਵਾਰ ਸ਼ਾਮ ਤੱਕ ਪੂਰਾ ਹੋ ਜਾਵੇਗਾ। ਇਸ ਦੇ ਨਾਲ ਹੀ ਮੰਗਲਵਾਰ ਨੂੰ ਹੋਣ ਜਾ ਰਹੇ ਇਸ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਅੱਜ ਹਰਿਮੰਦਰ ਸਾਹਿਬ ਤੋਂ ਨਗਰ ਕੀਰਤਨ ਵੀ ਕੱਢਿਆ ਜਾਵੇਗਾ। ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾਂ ਅੱਜ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸੁਲਤਾਨਵਿੰਡ ਗੇਟ ਤੋਂ ਨਿਕਲ ਕੇ ਮੁੜ ਅੰਮ੍ਰਿਤਸਰ ਸ਼ਹਿਰ ਦੇ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਪਰਿਕਰਮਾ ਕਰੇਗਾ। ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਫੁੱਲ ਲਿਆਂਦੇ ਗਏ ਹਨ। ਇਹ ਫੁੱਲ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ ਅਤੇ ਆਸਟ੍ਰੇਲੀਆ ਤੋਂ ਮੰਗਵਾਏ ਗਏ ਹਨ। ਇਨ੍ਹਾਂ ਨੂੰ ਸਜਾਉਣ ਲਈ 180 ਕਾਰੀਗਰ ਦਿਨ-ਰਾਤ ਸਜਾਵਟ ਦੇ ਕੰਮ ਵਿੱਚ ਲੱਗੇ ਹੋਏ ਹਨ। ਸੋਮਵਾਰ ਸ਼ਾਮ ਤੱਕ ਸਜਾਵਟ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ 100 ਕੁਇੰਟਲ ਤੋਂ ਵੱਧ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ 10 ਟਰੱਕਾਂ ਵਿੱਚ ਲੱਦ ਕੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਲਿਆਂਦਾ ਗਿਆ। ਇਹ ਵੀ ਪੜ੍ਹੋ:ਜੰਮੂ-ਕਸ਼ਮੀਰ 'ਚ ਮੁਕਾਬਲਾ, ਦੋ ਅੱਤਵਾਦੀ ਢੇਰ -PTC News