ਹਰਪਾਲ ਚੀਮਾ ਦਾ ਭਾਜਪਾ 'ਤੇ ਇਲਜ਼ਾਮ, ਕਿਹਾ 'ਆਪ' ਪਾਰਟੀ ਨੂੰ ਤੋੜਨ ਦੀ ਕੀਤੀ ਜਾ ਰਹੀ ਕੋਸ਼ਿਸ਼
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਵੱਡਾ ਇਲਜ਼ਾਮ ਲਾਇਆ ਹੈ। ਹਰਪਾਲ ਚੀਮਾ ਨੇ ਕਿਹਾ ਹੈ ਕਿ ਭਾਜਪਾ ਸੀਰੀਅਲ ਕਿਲਰ ਦਾ ਕੰਮ ਕਰ ਰਹੀ ਹੈ। ਭਾਜਪਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਵਿਧਾਇਕ ਨੂੰ 25 ਕਰੋੜ ਦਾ ਆਫਰ ਦਿੱਤਾ ਗਿਆ ਸੀ। ਚੀਮਾ ਨੇ ਕਿਹਾ ਕਿ ਭਾਜਪਾ ਦੇ ਖਤਰਨਾਕ ਮਿਸ਼ਨ ਆਪ੍ਰੇਸ਼ਨ ਲੋਟਸ ਦਾ ਅਗਲਾ ਨਿਸ਼ਾਨਾ ਪੰਜਾਬ ਹੈ। ਇਸ ਕਾਰਨ ਪੰਜਾਬ ਵਿੱਚ ਵਿਧਾਇਕਾਂ ਦੀ ਖਰੀਦ-ਫਰੋਖਤ ਦੀ ਕਵਾਇਦ ਚੱਲ ਰਹੀ ਹੈ। ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ 'ਆਪ' ਵਿਧਾਇਕਾਂ ਨੂੰ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਸਰਕਾਰ ਨੂੰ ਡੇਗਣ ਲਈ ਸਿਰਫ਼ 35 ਵਿਧਾਇਕਾਂ ਦੀ ਲੋੜ ਹੈ। ਉਹ ਅਜਿਹਾ ਇਸ ਲਈ ਕਹਿ ਰਹੇ ਹਨ ਕਿਉਂਕਿ ਕਾਂਗਰਸੀ ਵਿਧਾਇਕ ਪਹਿਲਾਂ ਹੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਚੀਮਾ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ‘ਆਪ’ ਦੇ 7 ਤੋਂ 10 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ, ਹਾਲਾਂਕਿ ਚੀਮਾ ਨੇ ਇਨ੍ਹਾਂ ਵਿਧਾਇਕਾਂ ਦਾ ਨਾਂ ਨਹੀਂ ਲਿਆ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਭਰ ਦੇ ਕਈ ਸੂਬਿਆਂ ਨੂੰ ਭਾਜਪਾ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਭਾਜਪਾ ਸੂਬਿਆਂ 'ਚ ਈਡੀ ਅਤੇ ਕੇਂਦਰੀ ਜਾਂਚ ਏਜੰਸੀਆਂ ਦਾ ਡਰ ਦਿਖਾ ਕੇ ਨੇਤਾਵਾਂ 'ਤੇ ਪਾਰਟੀ ਬਦਲਣ ਲਈ ਦਬਾਅ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਗੱਲ ਨਾ ਸੁਣਨ ਵਾਲਿਆਂ ਨੂੰ ਈਡੀ ਸਮੇਤ ਹੋਰ ਜਾਂਚ ਏਜੰਸੀਆਂ ਰਾਹੀਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਚੀਮਾ ਨੇ ਕਿਹਾ ਕਿ ਭਾਜਪਾ ਪੈਸੇ ਦੇ ਦਮ 'ਤੇ ਹਰ ਸੂਬੇ 'ਚ ਸੱਤਾ ਹਾਸਲ ਕਰਨਾ ਚਾਹੁੰਦੀ ਹੈ। ਹਰਪਾਲ ਚੀਮਾ ਨੇ ਭਾਜਪਾ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ 'ਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਪੰਜਾਬ ਹੁਣ ਭਾਜਪਾ ਦੇ ਖਤਰਨਾਕ ਮਿਸ਼ਨ 'ਆਪ੍ਰੇਸ਼ਨ ਲੋਟਸ' ਦਾ ਅਗਲਾ ਨਿਸ਼ਾਨਾ ਹੈ। ਇਸ ਕਾਰਨ ਭਾਜਪਾ ਹੁਣ ਪੰਜਾਬ ਵਿੱਚ ਵੀ ਆਪਣਾ ਦਬਦਬਾ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੈਸੇ ਦੇ ਦਮ 'ਤੇ ਪਹਿਲਾਂ ਦਿੱਲੀ, ਫਿਰ ਗੋਆ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ 'ਚ ਸਰਕਾਰ ਬਣਾਈ ਹੈ। ਇਹ ਵੀ ਪੜ੍ਹੋ: ਸਿੱਖਾਂ ਦੇ ਜਮਹੂਰੀਅਤ ਹੱਕਾਂ ਨੂੰ ਲੈਕੇ ਸਿਮਰਜੀਤ ਸਿੰਘ ਮਾਨ ਕਰਨਗੇ ਵੱਡੀ ਪ੍ਰੈਸ ਕਾਨਫਰੰਸ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ ਤੋਂ ਡਰੀ ਹੋਈ ਹੈ। ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਦੇਸ਼ ਭਰ ਵਿੱਚ ਸਮਰਥਨ ਮਿਲ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਭਾਜਪਾ ਅਜਿਹਾ ਕਦਮ ਚੁੱਕ ਰਹੀ ਹੈ। ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 20 ਤੋਂ 25 ਕਰੋੜ ਰੁਪਏ ਦੇ ਆਫਰ ਦੇ ਰਹੀ ਹੈ। -PTC News