ਫਰਲੋ 'ਤੇ ਚੱਲ ਰਹੇ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਦਿੱਤੀ Z-ਪਲੱਸ ਸੁਰੱਖਿਆ
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਖਾਲਿਸਤਾਨੀ ਖਾੜਕੂਆਂ ਤੋਂ ਖਤਰੇ ਦਾ ਹਵਾਲਾ ਦੇ ਕੇ ਜੈੱਡ ਪਲੱਸ ਸਕਿਓਰਟੀ ਦਿੱਤੀ ਗਈ ਹੈ। ਉਨ੍ਹਾਂ ਨੇ 6 ਫਰਵਰੀ ਨੂੰ ਇਕ ਪੱਤਰ ਜਾਰੀ ਕਰਕੇ ਹਾਈ ਕੋਰਟ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਹਰਿਆਣਾ ਸਰਕਾਰ ਦਾ ਮੰਨਣਾ ਹੈ ਕਿ ਕਤਲ ਕੇਸਾਂ 'ਚ ਸਿੱਧੇ ਤੌਰ ’ਤੇ ਡੇਰਾ ਮੁੱਖੀ ਸ਼ਾਮਲ ਨਹੀਂ ਹੈ। ਸਰਕਾਰ ਦਾ ਮੰਨਣਾ ਹੈ ਕਿ ਉਸ ਨੇ ਅਸਲ ਵਿੱਚ ਕਈ ਅਪਰਾਧ ਨਹੀਂ ਕੀਤੇ ਸਨ। ਹਰਿਆਣਾ ਸਰਕਾਰ ਦਾ ਮੰਨਣਾ ਹੈ ਕਿ ਡੇਰਾ ਮੁਖੀ ਨੂੰ ਇਨ੍ਹਾਂ ਅਪਰਾਧਾਂ ਦੇ ਸਹਿ ਮੁਲਜ਼ਮਾਂ ਨਾਲ ਮਿਲ ਕੇ ਅਪਰਾਧਿਕ ਸਾਜ਼ਿਸ਼ ਰਚਣ ਲਈ ਹੀ ਦੋਸ਼ੀ ਠਹਿਰਾਇਆ ਗਿਆ ਸੀ। ਹਾਈ ਕੋਰਟ ਵਿੱਚ ਪੇਸ਼ ਕੀਤੇ ਗਏ ਰਿਕਾਰਡ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨ ਪੱਖੀ ਅਨਸਰਾਂ ਤੋਂ ਖਤਰਾ ਹੈ। ਇਸ ਕਾਰਨ ਸੂਬਾ ਸਰਕਾਰ ਵੱਲੋਂ ਫਰਲੋ 'ਤੇ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਰਿਕਾਰਡ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਐਡਵੋਕੇਟ ਜਨਰਲ (ਏਜੀ) ਦੀ ਕਾਨੂੰਨੀ ਰਾਏ ਲੈਣ ਤੋਂ ਬਾਅਦ ਡੇਰਾ ਮੁਖੀ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇਣ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ 'ਚ ਇਸ ਮਾਮਲੇ ਦੀ ਸੁਣਵਾਈ ਹੋਈ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ 21 ਫਰਵਰੀ ਤੱਕ ਉਨ੍ਹਾਂ ਦੇ ਨੋਟਿਸ ਦਾ ਜਵਾਬ ਦੇਣ ਦੇ ਹੁਕਮ ਦਿੱਤੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਸੀ। ਇਸ ਵਿੱਚ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਦਾ ਰਿਕਾਰਡ ਵੀ ਸ਼ਾਮਲ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਐਸ ਵਾਲੀਆ ਦੀ ਬੈਂਚ ਵਿੱਚ ਹੋਈ ਹੈ। -PTC News