Weather Forecast: ਇਸ ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਸਕੂਲ-ਕਾਲਜ ਬੰਦ
Weather Forecast: ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਇਕ ਵਾਰ ਫਿਰ ਤੋਂ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਭਾਰੀ ਬਰਸਾਤ ਕਾਰਨ ਜਿੱਥੇ ਟਰੈਫ਼ਿਕ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ, ਉੱਥੇ ਹੀ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਗਈ ਹੈ। ਇਸ ਸਭ ਦੇ ਵਿਚਕਾਰ, ਮੌਸਮ ਵਿਭਾਗ ਨੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਚੇਨਈ ਦੇ ਮੌਸਮ ਵਿਭਾਗ ਦੇ ਡਾਇਰੈਕਟਰ ਪੁਵੀਰਾਸਨ ਨੇ ਦੱਸਿਆ ਕਿ ਸਾਰੇ ਤੱਟਵਰਤੀ ਜ਼ਿਲ੍ਹੇ ਰੈੱਡ ਅਲਰਟ 'ਤੇ ਹਨ ਅਤੇ ਕੁਝ ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿਰੂਵੰਨਾਮਲਾਈ, ਵਿੱਲੂਪੁਰਮ, ਕੁੱਡਲੋਰ, ਚੇਂਗਲਪੱਟੂ, ਤਿਰੁਪੱਤੂਰ ਅਤੇ ਵੇਲੋਰ ਜ਼ਿਲ੍ਹਿਆਂ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਵੀ ਤਾਮਿਲਨਾਡੂ ਵਿੱਚ ਭਾਰੀ ਮੀਂਹ ਪਿਆ ਸੀ। ਭਾਰੀ ਮੀਂਹ ਕਾਰਨ ਸੂਬੇ ਦੇ 21 ਜ਼ਿਲ੍ਹਿਆਂ ਦੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਚੇਨਈ ਕਾਰਪੋਰੇਸ਼ਨ ਨੇ ਇੱਕ ਵਾਰ ਰੂਮ ਬਣਾਇਆ ਹੈ ਜਿੱਥੇ ਨਿਗਮ ਦੇ ਅਧਿਕਾਰੀ ਭਾਰੀ ਮੀਂਹ ਕਾਰਨ ਰੈੱਡ ਅਲਰਟ ਦੀ ਸਥਿਤੀ 'ਤੇ ਨਜ਼ਰ ਰੱਖ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ। ਆਮ ਲੋਕਾਂ ਨੂੰ ਸਾਰੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਅਤੇ ਬੇਲੋੜੇ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਪੀਣ ਵਾਲੇ ਪਾਣੀ ਦਾ ਢੁੱਕਵਾਂ ਭੰਡਾਰਨ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਮੁਤਾਬਕ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਕਈ ਹਿੱਸਿਆਂ ਵਿੱਚ 21 ਨਵੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। -PTC News