ਹਾਈਕੋਰਟ ਨੇ ਰੱਦ ਕੀਤੀ ਪੰਜਾਬ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ
ਨੇਹਾ ਸ਼ਰਮਾ, 8 ਅਗਸਤ: ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਵਰਕਰਾਂ ਨੂੰ ਇਨ੍ਹਾਂ ਅਸਾਮੀਆਂ ਲਈ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਹਾਈ ਕੋਰਟ ਨੇ ਸੋਮਵਾਰ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਮਹਾਵੀਰ ਸਿੰਘ ਸਿੰਧੂ ਨੇ ਸੋਮਵਾਰ ਨੂੰ ਇਸ ਨਿਯੁਕਤੀ ਪ੍ਰਕਿਰਿਆ ਖਿਲਾਫ ਦਾਇਰ ਕਈ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਹ ਹੁਕਮ ਦਿੱਤਾ। ਹਾਈਕੋਰਟ ਨੇ ਇਸ ਨਿਯੁਕਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ, ਪਰ ਇਨ੍ਹਾਂ ਸਾਰੀਆਂ ਪਟੀਸ਼ਨਾਂ 'ਤੇ ਹਾਈ ਕੋਰਟ ਦਾ ਵਿਸਥਾਰਤ ਫੈਸਲਾ ਆਉਣਾ ਬਾਕੀ ਹੈ। ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਹੀ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਭਰਤੀ ਪ੍ਰਕਿਰਿਆ ਅਨੁਸਾਰ ਉਨ੍ਹਾਂ ਬਿਨੈਕਾਰਾਂ ਨੂੰ ਪ੍ਰਤੀ ਸਾਲ ਇੱਕ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਜੋ ਪਹਿਲਾਂ ਹੀ ਕਿਸੇ ਸਰਕਾਰੀ ਕਾਲਜ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਠੇਕੇ 'ਤੇ ਕੰਮ ਕਰ ਰਹੇ ਹਨ। ਇਸ ਤਰ੍ਹਾਂ ਵੱਧ ਤੋਂ ਵੱਧ 5 ਅੰਕ ਦੇਣ ਦਾ ਫੈਸਲਾ ਕੀਤਾ ਗਿਆ। ਪਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਅਤੇ ਹੋਰ ਕਿਸੇ ਵੀ ਕਾਲਜ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਇਹ ਵਾਧੂ ਅੰਕ ਨਹੀਂ ਦਿੱਤੇ ਜਾ ਰਹੇ ਹਨ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਇਹ ਨਿਯਮ ਪੂਰੀ ਤਰ੍ਹਾਂ ਗਲਤ ਹਨ। ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਵਿਦਿਆਰਥੀਆਂ ਦੇ ਹਿੱਤ 'ਚ ਬਿਹਤਰ ਪ੍ਰਤਿਭਾਸ਼ਾਲੀ ਦੀ ਨਿਯੁਕਤੀ ਕਰਨਾ ਰਾਜ ਸਰਕਾਰ ਦਾ ਫਰਜ਼ ਹੈ, ਹਾਈਕੋਰਟ ਨੇ ਅਗਲੇ ਹੁਕਮਾਂ ਤੱਕ ਇਸ ਨਿਯੁਕਤੀ 'ਤੇ ਰੋਕ ਲਗਾ ਕੇ ਸਰਕਾਰ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ। -PTC News