ਹਾਈ ਕੋਰਟ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਪਟੀਸ਼ਨ ਖ਼ਾਰਿਜ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਖਾਲਿਸਤਾਨੀਆਂ ਨਾਲ ਕਥਿਤ ਸਬੰਧਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਵਾਲੀ ਕਾਂਗਰਸ ਆਗੂ ਜਗਦੀਸ਼ ਸ਼ਰਮਾ ਵੱਲੋਂ ਦਾਇਰ ਪਟੀਸ਼ਨ ਨੂੰ ਫਜ਼ੂਲ ਕਰਾਰ ਦਿੰਦਿਆਂ ਖ਼ਾਰਿਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਅਜਿਹੀਆਂ ਬੇਕਾਰ ਪਟੀਸ਼ਨਾਂ ਦਾਇਰ ਨਾ ਕਰਨ ਦੀ ਤਾੜਨਾ ਵੀ ਕੀਤੀ। ਅਦਾਲਤ ਕਾਂਗਰਸੀ ਆਗੂ ਜਗਦੀਸ਼ ਸ਼ਰਮਾ ਵੱਲੋਂ ਦਾਇਰ ਪਟੀਸ਼ਨ ਉਤੇ ਸੁਣਵਾਈ ਕਰ ਰਹੀ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਇਸ ਦੇ ਕਨਵੀਨਰ ਕੇਜਰੀਵਾਲ ਦੇ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਅਤੇ ਹੋਰ ਖ਼ਾਲਿਸਤਾਨੀ ਤਾਕਤਾਂ ਨਾਲ ਸਬੰਧ ਹਨ ਅਤੇ ਪੰਜਾਬ ਵਿੱਚ ਚੋਣਾਂ ਲੜਨ ਲਈ ਉਨ੍ਹਾਂ ਤੋਂ ਫੰਡ ਪ੍ਰਾਪਤ ਕੀਤੇ ਜਾਣ ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਿਖੀ ਚਿੱਠੀ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਬਿਆਨ ਦਾ ਹਵਾਲਾ ਦਿੱਤਾ ਗਿਆ ਸੀ। ਇਹ ਪਟੀਸ਼ਨ ਕਾਂਗਰਸ ਆਗੂ ਜਗਦੀਸ਼ ਸ਼ਰਮਾ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਜਾਂਚ ਦੀ ਮੰਗ ਕੀਤੀ ਗਈ ਸੀ ਕਿ ਆਮ ਆਦਮੀ ਪਾਰਟੀ ਤੇ ਇਸ ਦੇ ਕੌਮੀ ਕਨਵੀਨਰ ਕੇਜਰੀਵਾਲ ਦੇ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਮੀ ਪਾਬੰਦੀਸ਼ੁਦਾ ਖ਼ਾਲਿਸਤਾਨੀ ਸੰਗਠਨ ਨਾਲ ਸਬੰਧ ਹਨ ਅਤੇ ਇਸ ਤੋਂ ਫੰਡ ਵੀ ਪ੍ਰਾਪਤ ਕੀਤੇ ਹਨ। ਇਸ ਤੋਂ ਬਾਅਦ ਟਵੀਟ ਕਰ ਕੇ ਅਰਵਿੰਦ ਕੇਜਰੀਵਾਲ ਨੇ ਲਿਖਿਆ ਕਿ ਜਿਹੜੇ ਮੈਨੂੰ ਅੱਤਵਾਦੀ ਕਹਿ ਰਹੇ ਸਨ, ਪਹਿਲਾਂ ਲੋਕਾਂ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਅਤੇ ਅੱਜ ਅਦਾਲਤ ਨੇ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਹੈ। ਇਹ ਵੀ ਪੜ੍ਹੋ : ਨਹਿਰ 'ਚ ਡੁੱਬਿਆ ਬੱਚਾ, ਗੋਤਾਖੋਰਾਂ ਵੱਲੋਂ ਭਾਲ ਜਾਰੀ