ਜੇਲ੍ਹਾਂ 'ਚ ਕੈਦੀਆਂ ਦੀ ਬਦਹਾਲੀ 'ਤੇ ਹਾਈਕੋਰਟ ਦੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਫਟਕਾਰ
ਚੰਡੀਗੜ੍ਹ, 3 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਗੈਰ-ਕੁਦਰਤੀ ਮੌਤ, ਮਾੜੀ ਸਿਹਤ ਸਹੂਲਤਾਂ ਅਤੇ ਬਦਹਾਲੀ ਨੂੰ ਲੈ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਜਲਦ ਤੋਂ ਜਲਦ ਆਪਣਾ ਜਵਾਬ ਤਲਬ ਕਰਨ ਲਈ ਕਿਹਾ ਹੈ। ਦਰਅਸਲ ਦੇਸ਼ ਦੀ ਸਰਵਉੱਚ ਅਦਾਲਤ, ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਤਰਸਯੋਗ ਹਾਲਤ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਨੂੰ ਇਸ ਮਾਮਲੇ ਵਿੱਚ ਨੋਟਿਸ ਲੈਣ ਦੇ ਹੁਕਮ ਦਿੱਤੇ ਸਨ। ਸਰਵਉੱਚ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਸਾਰੀਆਂ ਹਾਈ ਕੋਰਟਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜੇਲ੍ਹਾਂ ਵਿੱਚ ਸੁਧਾਰ ਲਈ ਸੁਣਵਾਈ ਕਰਨੀ ਚਾਹੀਦੀ ਹੈ। ਅਦਾਲਤ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਜੇਲ੍ਹਾਂ ਵਿੱਚ ਕੈਦੀਆਂ ਦੀਆਂ ਗੈਰ-ਕੁਦਰਤੀ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕੋਰਟ ਨੇ ਕਿਹਾ ਕਿ ਜੇਲ੍ਹਾਂ ਦੀ ਹਾਲਤ ਅਜਿਹੀ ਹੈ ਕਿ ਕਈ ਕੈਦੀ ਇਸ ਕਾਰਨ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਵੀ ਕਰ ਰਹੇ ਹਨ। ਸੁਪਰੀਮ ਕੋਰਟ ਦਾ ਕਹਿਣਾ ਕਿ ਅਜਿਹੇ ਕੈਦੀਆਂ ਦੇ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਵੀ ਦਿੱਤਾ ਜਾਵੇ। -PTC News