ਹਿਜਾਬ ਮਾਮਲਾ : ਜੱਜਾਂ ਨੂੰ ਮਿਲੇਗੀ Y ਕੈਟਾਗਿਰੀ ਦੀ ਸੁਰੱਖਿਆ
ਨਵੀਂ ਦਿੱਲੀ : ਕਰਨਾਟਕ ਹਿਜਾਬ ਵਿਵਾਦ ਮਾਮਲੇ ਵਿੱਚ ਫੈਸਲਾ ਸੁਣਾਉਣ ਵਾਲੇ ਕਰਨਾਟਕ ਹਾਈ ਕੋਰਟ ਦੇ ਤਿੰਨ ਜੱਜਾਂ ਨੂੰ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾਵੇਗੀ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਜੱਜਾਂ ਦੀਆਂ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਇਸ ਦੀ ਜਾਣਕਾਰੀ ਦਿੱਤੀ।
ਇਹ ਮਾਮਲਾ ਜੱਜਾਂ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ। ਜੱਜਾਂ ਦੀ ਸੁਰੱਖਿਆ ਵਿੱਚ ਕੁਤਾਹੀ ਬਿਲਕੁਲ ਵੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਅਸੀਂ ਹਿਜਾਬ ‘ਤੇ ਫੈਸਲਾ ਦੇਣ ਵਾਲੇ ਤਿੰਨ ਜੱਜਾਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਹੈ ਤੇ ਪੂਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਪ੍ਰਸ਼ਾਸਨ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਡੀਜੀ ਅਤੇ ਆਈਜੀ ਨੂੰ ਵਿਧਾਨਸੌਧਾ ਥਾਣੇ ਵਿੱਚ ਦਰਜ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ ਜਿਸ ਵਿੱਚ ਕੁਝ ਲੋਕਾਂ ਵੱਲੋਂ ਜੱਜਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਹਾਈ ਕੋਰਟ ਨੇ 15 ਮਾਰਚ ਨੂੰ ਹਿਜਾਬ ਵਿਵਾਦ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਵਿਦਿਆਰਥਣਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਹਿਜਾਬ ਧਰਮ ਦਾ ਲਾਜ਼ਮੀ ਹਿੱਸਾ ਨਹੀਂ ਹੈ।
ਸਕੂਲ-ਕਾਲਜ ਦੇ ਵਿਦਿਆਰਥੀ ਵਰਦੀ ਪਾਉਣ ਤੋਂ ਇਨਕਾਰ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਕਿ ਇਸਲਾਮ ਵਿੱਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ ਹੈ। ਕੋਈ ਵੀ ਵਿਦਿਆਰਥੀ ਇਸ ਤੋਂ ਇਨਕਾਰ ਨਹੀਂ ਕਰ ਸਕਦਾ। ਇਸ ਮਾਮਲੇ ਦੀ ਸੁਣਵਾਈ ਲਈ 9 ਫਰਵਰੀ ਨੂੰ ਚੀਫ਼ ਜਸਟਿਸ ਰਿਤੂ ਰਾਜ ਅਵਸਥੀ, ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਅਤੇ ਜਸਟਿਸ ਜੇਐਮ ਖਾਜੀ ਦੀ ਬੈਂਚ ਦਾ ਗਠਨ ਕੀਤਾ ਗਿਆ ਸੀ। ਲੜਕੀਆਂ ਵੱਲੋਂ ਇੱਕ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਕਲਾਸ ਦੌਰਾਨ ਵੀ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਹਿਜਾਬ ਉਨ੍ਹਾਂ ਦੇ ਧਰਮ ਦਾ ਜ਼ਰੂਰੀ ਹਿੱਸਾ ਹੈ। ਇਹ ਮਾਮਲਾ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਧੰਨਵਾਦੀ ਦੌਰਾ ਕੀਤਾ