ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ-ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰੰਤੂ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸਤੰਬਰ 2020 ਵਿਚ ਸੁਪਰੀਮ ਕੋਰਟ ’ਚ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ ਦਸੰਬਰ 2020 ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਕਰਨ ਦਾ ਹੁਕਮ ਜਾਰੀ ਕੀਤਾ ਸੀ। ਸਰਕਾਰ ਦੀ ਟਾਲ-ਮਟੋਲ ਕਾਰਨ ਸੁਪਰੀਮ ਕੋਰਟ ਵੱਲੋਂ ਜਨਵਰੀ 2021 ਵਿਚ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਫ਼ਰਵਰੀ 2021 ਵਿਚ ਸਰਕਾਰ ਨੇ 6 ਹਫ਼ਤੇ ਹੋਰ ਮੰਗੇ ਸਨ। ਉਨ੍ਹਾਂ ਕਿਹਾ ਕਿ ਕਰੀਬ 1 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਅਜੇ ਤੱਕ ਫੈਸਲਾ ਨਹੀਂ ਕਰ ਸਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿਚ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਂ ਮਿਲਣ ’ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਹੋਰ ਸਿੱਖ ਮਸਲਿਆਂ ’ਤੇ ਗੱਲਬਾਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਸਮੇਂ ਜੋ ਕਿਤਾਬਚਾ ਰੀਲੀਜ਼ ਕੀਤਾ ਗਿਆ ਸੀ, ਉਸ ਵਿਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਉਠਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਪੁਸਤਕ ਵਿੱਚੋਂ ਕੁਝ ਹਿੱਸੇ ਕੱਢ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਇਸ ਪੁਸਤਕ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੂੰ ਦਿੱਤੇ ਜਾਂਦੇ ਪ੍ਰਸ਼ਾਦ ਦੇ ਪੈਕਟਾਂ ਦੇ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਅਜਿਹੀ ਕੁਤਾਹੀ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰ ਚਰਚਾ ਹੋਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। -PTC News