ਦਿੱਲੀ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਲੜਕੀ ਦੀ ਹੋਈ ਮੌਤ
ਹੁਸ਼ਿਆਰਪੁਰ : ਵੀਰਵਾਰ ਨੂੰ ਦਿੱਲੀ ਦੇ ਇੱਕ ਮੈਟਰੋ ਸਟੇਸ਼ਨ ਉਤੇ ਇੱਕ ਲੜਕੀ ਵੱਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੀ ਤੜਕਸਾਰ ਦਿੱਲੀ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਲੜਕੀ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ। ਇਸ ਮਾਮਲੇ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਖ਼ੁਦਕੁਸ਼ੀ ਕਰਨ ਵਾਲੀ ਲੜਕੀ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਦੀ ਰਹਿਣ ਵਾਲੀ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਾਮਲੇ ਦੇ ਸਾਹਮਣੇ ਆਉਣ ਪਿੱਛੋਂ ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਅਤੇ ਭੈਣ ਮ੍ਰਿਤਕ ਦੇਹ ਨੂੰ ਲਿਆਉਣ ਲਈ ਦਿੱਲੀ ਚਲੇ ਗਏ ਹਨ। ਪੀੜਤਾ ਦੇ ਘਰ ਵਿੱਚ ਉਸ ਦੀ ਬਜ਼ੁਰਗ ਦਾਦੀ ਹੈ। ਗੱਲ ਕਰਨ ਉਤੇ ਉਸ ਦੇ ਗੁਆਂਢੀਆਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਪੂਰਾ ਪਰਿਵਾਰ ਹੀ ਨਾ ਤਾਂ ਸੁਣ ਸਕਦਾ ਹੈ ਅਤੇ ਨਾ ਹੀ ਬੋਲ ਸਕਦਾ ਹੈ। ਗੁਆਂਢੀਆਂ ਦਾ ਇਹ ਵੀ ਕਹਿਣਾ ਹੈ ਕਿ ਦਿੱਲੀ 'ਚ ਕੋਈ ਪ੍ਰਾਈਵੇਟ ਨੌਕਰੀ ਕਰਦੀ ਸੀ। ਫਿਲਹਾਲ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗਾ ਹੈ। ਕਾਬਿਲੇਗੌਰ ਹੈ ਕਿ ਬੀਤੇ ਦਿਨ ਰਾਜਧਾਨੀ ਦਿੱਲੀ ਦੇ ਅਕਸ਼ਰਧਾਮ ਮੈਟਰੋ ਸਟੇਸ਼ਨ ਉਤੇ ਇਕ ਲੜਕੀ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਸਮੇਂ ਮੌਕੇ ਉਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਇਸ ਦੌਰਾਨ ਲੜਕੀ ਦੀਆਂ ਬਾਹਾਂ ਅਤੇ ਲੱਤਾਂ ਵਿੱਚ ਫਰੈਕਚਰ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਸੁਣਨ ਅਤੇ ਬੋਲਣ ਤੋਂ ਅਸਮਰਥ ਹੈ। ਉਸ ਦੇ ਮਾਤਾ-ਪਿਤਾ ਵੀ ਬੋਲੇ ਤੇ ਗੂੰਗੇ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਲੜਕੀ ਖੁਦਕੁਸ਼ੀ ਦੀ ਕੋਸ਼ਿਸ਼ ਕਰ ਰਹੀ ਹੈ ਤੇ ਲੋਕ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਸਭ ਦੇ ਵਿਚਕਾਰ ਲੜਕੀ ਛਾਲ ਮਾਰ ਦਿੰਦੀ ਹੈ ਤੇ ਲੋਕ ਤੁਰੰਤ ਉਸ ਨੂੰ ਚੁੱਕ ਕੇ ਲੈ ਜਾਂਦੇ ਹਨ। ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਦੀ ਹੱਤਿਆ ਕਰਨ ਵਾਲਾ ਸ਼ੂਟਰ ਦੇਹਰਾਦੂਨ ਤੋਂ ਗ੍ਰਿਫ਼ਤਾਰ