ਜੇਕਰ ਥੋੜ੍ਹੀ ਜਿਹੀ ਹੋਰ ਕੋਸ਼ਿਸ਼ ਕੀਤੀ ਜਾਂਦੀ ਤਾਂ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਹੁੰਦਾ: ਰਾਜਨਾਥ ਸਿੰਘ
ਸੁਜਾਨਪੁਰ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ 1947 ਵਿੱਚ ਦੇਸ਼ ਦੀ ਸੀਮਾ ਖਿੱਚਣ ਦੌਰਾਨ ਇੱਕ "ਵੱਡੀ ਗਲਤੀ" ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਹੁੰਦਾ, ਜੇਕਰ ਥੋੜ੍ਹੀ ਹੋਰ ਕੋਸ਼ਿਸ਼ ਕੀਤੀ ਗਈ ਹੁੰਦੀ।
ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਵਿਸ਼ਰਾਮ ਅਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਅੰਤਰਰਾਸ਼ਟਰੀ ਸਰਹੱਦ ਤੋਂ ਸਿਰਫ਼ ਚਾਰ-ਪੰਜ ਕਿਲੋਮੀਟਰ ਦੂਰ ਹੈ। ਉਨ੍ਹਾਂ ਕਿਹਾ ਕਿ ਜੇਕਰ ਥੋੜ੍ਹੀ ਜਿਹੀ ਹੋਰ ਕੋਸ਼ਿਸ਼ ਕੀਤੀ ਜਾਂਦੀ ਤਾਂ ਕਰਤਾਰਪੁਰ ਸਾਹਿਬ ਭਾਰਤ ਵਿਚ ਹੀ ਹੁੰਦਾ।
ਇਹ ਵੀ ਪੜ੍ਹੋ: ਈਡੀ ਦੇ ਵੱਡੇ ਐਕਸ਼ਨ ਮਗਰੋਂ ਮੁੱਖ ਮੰਤਰੀ ਚੰਨੀ ਨਾਲ ਡਟੇ ਸੁਖਜਿੰਦਰ ਸਿੰਘ ਰੰਧਾਵਾ
ਰੱਖਿਆ ਮੰਤਰੀ ਨੇ ਕਿਹਾ ਕਿ ਸਵਾਰਥੀ ਹਿੱਤ ਵੱਖ-ਵੱਖ ਭਾਈਚਾਰਿਆਂ ਦਰਮਿਆਨ ਪਾੜਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ।
1 ਫਰਵਰੀ ਨੂੰ ਸੰਸਦ 'ਚ ਪੇਸ਼ ਕੀਤੇ ਗਏ ਕੇਂਦਰੀ ਬਜਟ ਦੀ ਸ਼ਲਾਘਾ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਲਈ 2.37 ਲੱਖ ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।
ਸਿੰਘ ਨੇ ਕਿਹਾ ਕਿ "ਆਜ਼ਾਦ ਭਾਰਤ ਵਿੱਚ ਪਹਿਲੀ ਵਾਰ, ਘੱਟੋ ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣ ਲਈ, ਬਜਟ ਵਿੱਚ 2,37,000 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ।"
ਭਾਜਪਾ, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ (ਸੰਯੁਕਤ) ਵਾਲੀ ਗੱਠਜੋੜ ਕਰਕੇ ਪੰਜਾਬ ਚੋਣਾਂ ਲੜ ਰਹੀ ਹੈ, ਇਹ ਗਠਜੋੜ ਵਿੱਚ ਸਭ ਤੋਂ ਵੱਡੀ ਪਾਰਟੀ ਹੈ।
ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਨੇ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਜਪਾ ਦੇ ਸਟਾਰ ਆਗੂ ਬਣ ਕੇ ਪੰਜਾਬ ਵਿੱਚ ਇਸ ਗੱਠਜੋੜ ਦਾ ਪ੍ਰਚਾਰ ਕਰਨ ਆਏ ਸਨ।
ਇਹ ਵੀ ਪੜ੍ਹੋ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ
ਚੋਣ ਕਮਿਸ਼ਨ ਨੇ ਕੋਵਿਡ-19 ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਜਨਤਕ ਮੀਟਿੰਗਾਂ ਵਿੱਚ ਕੁਝ ਢਿੱਲ ਦਿੱਤੀ ਹੈ। ਇਸ ਨੇ 1,000 ਲੋਕਾਂ ਨਾਲ ਜਨਤਕ ਮੀਟਿੰਗਾਂ ਦੀ ਇਜਾਜ਼ਤ ਦਿੱਤੀ ਹੈ।
-PTC News