ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ 'ਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਬਰਾਤ ਰੂਪੀ ਨਗਰ ਕੀਰਤਨ
ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿੱਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ ਹੈ। ਇਹ ਨਗਰ ਕੀਰਤਨ ਪੰਜ ਪਿਆਰੇ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰੂਦਵਾਰਾ ਸ੍ਰੀ ਕੰਧ ਸਾਹਿਬ ਲਈ ਰਵਾਨਾ ਹੋਇਆ ਹੈ। ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਉਚਾ, ਧਾਲੀਵਾਲ, ਸੁਰਖਪੁਰ, ਖੇੜਾ ਬੇਟ ਬਿਆਸ ਤੋਂ ਲੰਘਦਾ ਹੋਇਆ ਬਾਬਾ ਬਕਾਲਾ ਤੋਂ ਹੁੰਦਾ ਹੋਇਆ ਬਟਾਲਾ ਪਹੁੰਚ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੰਗਤ ਵੱਲੋਂ ਰੰਗ-ਬਿਰੰਗੇ ਗੁਲਾਬ ਦੇ ਫੁੱਲਾਂ ਅਤੇ ਮੈਰੀਗੋਲਡ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਦੱਸ ਦੇਈਏ ਕਿ ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਜਾ ਰਹੇ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 3 ਸਤੰਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਵੀ ਪੜ੍ਹੋ:ਪੰਚਕੂਲਾ 'ਚ ਅੱਗ ਦਾ ਤਾਂਡਵ, 100 ਦੁਕਾਨਾਂ ਸੜ ਕੇ ਹੋਈਆ ਸੁਆਹ -PTC News