ਕੁੜੀਆਂ ਦੀ ਇਤਰਾਜ਼ਯੋਗ ਵੀਡੀਓਜ਼ ਮਾਮਲੇ 'ਚ ਮੁਲਜ਼ਮ ਵਿਦਿਆਰਥਣ ਦਾ ਦੋਸਤ ਸ਼ਿਮਲੇ ਤੋਂ ਗ੍ਰਿਫ਼ਤਾਰ
ਸ਼ਿਮਲਾ: ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਦੋਸ਼ੀ ਵਿਦਿਆਰਥਣ ਦੇ ਦੋਸਤ ਨੂੰ ਸ਼ਿਮਲਾ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਲੜਕੇ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਰਾਹੀਂ ਕਈ ਖੁਲਾਸੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮਲਜ਼ਮ ਲੜਕੇ ਦੇ ਭਰਾ ਨੂੰ ਵੀ ਹਿਰਾਸਤ 'ਚ ਲੈ ਲਿਆ ਗਿਆ ਹੈ। ਸ਼ਿਮਲੇ ਦੀ ਪੁਲਿਸ ਤੋਂ ਮੁਲਜ਼ਮ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਨੂੰ ਮੋਹਾਲੀ ਲਿਆਦਾ ਜਾ ਰਿਹਾ ਹੈ। ਯੂਨੀਵਰਸਿਟੀ ਦੇ ਸੈਂਕੜੇ ਵਿਦਿਆਰਥੀ ਸੜਕਾਂ 'ਤੇ ਆ ਕੇ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਮੈਨੇਜਮੈਂਟ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰੇ। ਵਧਦੇ ਹੰਗਾਮੇ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ 2 ਦਿਨਾਂ 19 ਅਤੇ 20 ਸਤੰਬਰ ਲਈ ਪੜ੍ਹਾਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਯਾਨੀ 2 ਦਿਨਾਂ ਨੂੰ ਨਾਨ ਟੀਚਿੰਗ ਡੇਅ ਐਲਾਨਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਸੀਐਮ ਜੈ ਰਾਮ ਨੇ ਕਿਹਾ ਪੰਜਾਬ ਪੁਲਿਸ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਿਮਾਚਲ ਪੁਲਿਸ ਤੋਂ ਸਹਿਯੋਗ ਮੰਗਿਆ ਸੀ। ਡੀਜੀਪੀ ਸੰਜੇ ਕੁੰਡੂ ਨੂੰ ਇਸ ਸਬੰਧੀ ਮੁਹਾਲੀ ਪੁਲਿਸ ਨੂੰ ਸਹਿਯੋਗ ਦੇਣ ਅਤੇ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਸੂਬਾ ਪੁਲਿਸ ਇਸ ਸਬੰਧੀ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਵੇਗੀ। ਜੋ ਵੀ ਦੋਸ਼ੀ ਹੋਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਓਧਰ ਪੰਜਾਬ ਪੁਲਿਸ ਦੇ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨਾਲ ਗੱਲ ਕੀਤੀ ਹੈ। ਅਸੀਂ ਮਾਮਲੇ ਦੀ ਜਾਂਚ ਐਸਆਈਟੀ (SIT) ਤੋਂ ਕਰਵਾਉਣ ਲਈ ਤਿਆਰ ਹਾਂ। ਵਿਦਿਆਰਥੀਆਂ ਦੀ 10 ਮੈਂਬਰੀ ਕਮੇਟੀ ਰੋਜ਼ਾਨਾ ਐਸਆਈਟੀ ਦੀ ਜਾਂਚ ਦੀ ਨਿਗਰਾਨੀ ਕਰੇਗੀ। ਇਹ ਵੀ ਪੜ੍ਹੋ:ਕੁੜੀਆਂ ਦੀ ਇਤਰਾਜ਼ਯੋਗ ਵੀਡੀਓਜ਼ ਮਾਮਲੇ 'ਚ ਚੰਡੀਗੜ੍ਹ ਯੂਨੀਵਰਸਿਟੀ ਨੇ ਦਿੱਤੀ ਸਫ਼ਾਈ -PTC News