ਪੰਜਾਬ ਚੋਣਾਂ 'ਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਆਮਦਨ ਕਰ ਵਿਭਾਗ ਅਲਰਟ
ਜਲੰਧਰ:ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਇਨਕਮ ਟੈਕਸ ਵਿਭਾਗ ਦੇ ਡਾਇਰੈਕਟੋਰੇਟ ਆਫ ਇਨਵੈਸਟੀਗੇਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਨਕਮ ਟੈਕਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਵਿਭਾਗ ਦੇ ਡਾਇਰੈਕਟੋਰੇਟ ਆਫ ਇਨਵੈਸਟੀਗੇਸ਼ਨ ਵੱਲੋਂ ਜਲੰਧਰ ਵਿਖੇ ਇੱਕ 24X7 ਕੰਟਰੋਲ ਰੂਮ ਸਥਾਪਤ ਕਰਕੇ ਟੋਲ ਫ੍ਰੀ ਨੰਬਰ 1800-345-1545 ਜਾਰੀ ਕੀਤਾ ਗਿਆ ਹੈ। ਕੰਟਰੋਲ ਰੂਮ ਉੱਤੇ ਲੋਕ ਨਗਦੀ ਜਾਂ ਹੋਰ ਕੀਮਤੀ ਵਸਤੂਆਂ, ਜਿਸ ਦੀ ਵਰਤੋਂ ਚੋਣ ਪ੍ਰਕਿਰਿਆ ਨੂੰ ਅਣਉਚਿਤ ਤੌਰ ਉੱਤੇ ਪ੍ਰਭਾਵਿਤ ਕਰਨ ਲਈ ਕੀਤੀ ਜਾ ਸਕਦੀ ਹੈ ਅਤੇ ਨਾਲ ਸਬੰਧਿਤ ਖਾਸ ਜਾਣਕਾਰੀ ਜਾਂ ਸ਼ਿਕਾਇਤ ਦੇ ਸਕਦੇ ਹਨ। ਕੰਟਰੋਲ ਰੂਮ ’ਤੇ ਕਾਲ ਜਾਂ ਸ਼ਿਕਾਇਤ ਕਰਨ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਸ਼ਿਕਾਇਤਾਂ ਉੱਤੇ ਕਾਰਵਾਈ ਕਰਨ ਲਈ ਟੀਮਾਂ ਲਗਾਈਆਂ ਗਈਆਂ, ਜਿਨ੍ਹਾਂ ਵਿੱਚ 80 ਅਧਿਕਾਰੀ ਅਤੇ ਇੰਸਪੈਕਟਰ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਟੀਮਾਂ ਵੱਲੋਂ ਸੂਚਨਾ ਤੇ ਤੱਥਾਂ ਦੀ ਪ੍ਰਮਾਣਿਕਤਾ ਦੇ ਆਧਾਰ ਉੱਤੇ ਅਤੇ ਪੁਛਗਿੱਛ ਉਪਰੰਤ ਬਣਦੇ ਮਾਮਲਿਆਂ ਵਿੱਚ ਨਗਦੀ ਜਬਤ ਕਰਨ ਆਦਿ ਬਾਰੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਟੀਮਾਂ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਜ਼ਿਲ੍ਹਿਆਂ ਵਿੱਚ ਸਥਾਪਤ ਕੰਟਰੋਲ ਰੂਮਾਂ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ’ਤੇ ਹੋਰ ਏਜੰਸੀਆਂ ਨਾਲ ਵੀ ਤਾਲਮੇਲ ਬਣਾ ਕੇ ਕੰਮ ਕਰਨਗੀਆਂ। ਪੰਜਾਬ ਦੇ ਹਵਾਈ ਅੱਡਿਆਂ ਅਤੇ ਰਾਜ ਲਈ ਵਪਾਰਕ ਉਡਾਣਾਂ ਵਾਲੇ ਹਵਾਈ ਅੱਡਿਆਂ ’ਤੇ ਏਅਰ ਇੰਟੈਲੀਜੈਂਸ ਯੂਨਿਟ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ। ਇਹ ਯੂਨਿਟ ਹਵਾਈ ਸਫਰ ਰਾਹੀਂ ਨਗਦੀ ਲਿਆਉਣ-ਲਿਜਾਉਣ ’ਤੇ ਨਜ਼ਰ ਰੱਖ ਰਹੇ ਹਨ। ਇਸੇ ਤਰ੍ਹਾਂ ਰੇਲ ਸਫਰ ਰਾਹੀਂ ਵੀ ਨਗਦੀ ਆਦਿ ਦੀ ਆਵਾਜਾਈ ’ਤੇ ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਨਿਗਰਾਨੀ ਰੱਖੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਡਾਇਰੈਕਟੋਰੇਟ ਉਮੀਦਵਾਰਾਂ ਦੀਆਂ ਸੰਪਤੀਆਂ ਅਤੇ ਦੇਣਦਾਰੀਆਂ ਦਾ ਐਲਾਨ ਕਰਨ ਵਾਲੇ ਹਲਫਨਾਮਿਆਂ ਦੀ ਵੀ ਜਾਂਚ ਕਰੇਗਾ ਅਤੇ ਜੇਕਰ ਇਸ ਨਾਲ ਸਬੰਧਿਤ ਜਾਣਕਾਰੀ ਨੂੰ ਦਬਾਇਆ ਜਾਂਦਾ ਹੈ ਤਾਂ ਚੋਣ ਕਮਿਸ਼ਨ ਨੂੰ ਰਿਪੋਰਟ ਕੀਤੀ ਜਾਵੇਗੀ। ਇਸੇ ਤਰ੍ਹਾਂ ਜੇਕਰ ਉਮੀਦਵਾਰਾਂ ਵੱਲੋਂ ਚੋਣ ਖਰਚੇ ਸਬੰਧੀ ਕੋਈ ਵੀ ਇਤਰਾਜ਼ਯੋਗ ਜਾਣਕਾਰੀ ਇਕੱਠੀ ਕੀਤੀ ਜਾਂਦੀ ਹੈ ਤਾਂ ਉਸ ਦੀ ਰਿਪੋਰਟ ਵੀ ਚੋਣ ਕਮਿਸ਼ਨ ਨੂੰ ਦਿੱਤੀ ਜਾਵੇਗੀ। ਇਹ ਵੀ ਪੜ੍ਹੋ:ਸੁਖਪਾਲ ਖਹਿਰਾ ਨੇ ਨਾਮਜ਼ਦਗੀ ਭਰਨ ਲਈ ਕੀਤਾ ਕੋਰਟ ਦਾ ਰੁਖ਼ -PTC News