ਜ਼ਿਲ੍ਹੇ 'ਚ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਜੈ ਕ੍ਰਿਸ਼ਨ ਸਿੰਘ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਅਗਸਤ: ਦੇਸ਼ ਦੀ ਅਜ਼ਾਦੀ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਕਮਿਸ਼ਨਰ ਪੁਲਿਸ ਅਰੁਣਪਾਲ ਸਿੰਘ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਇਸ ਮੌਕੇ 'ਤੇ ਦੇਸ਼ ਦੀ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ, ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦਿਆਂ ਮੁੱਖ ਮਹਿਮਾਨ ਨੇ ਕਿਹਾ ਕਿ ਸਾਨੂੰ ਇੰਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਵਿੱਚੋਂ ਭਰੂਣ ਹੱਤਿਆ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕਾਊਟ ਐਂਡ ਗਾਈਡਜ਼ ਬੱਚਿਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਬਾਅਦ ਵਿਚ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਕੋਰਿਓਗ੍ਰਾਫੀ ਦੀ ਅਤਿ ਸੁੰਦਰ ਪੇਸ਼ਕਾਰੀ ਕੀਤੀ ਗਈ। ਜ਼ਿਲ੍ਹੇ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਮੁੱਖ ਮਹਿਮਾਨ ਜੈ ਕ੍ਰਿਸ਼ਨ ਸਿੰਘ ਦੀ ਤਰਫੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਜ਼ਿਲ੍ਹਾ ਰੈਡ ਕਰਾਸ ਦੀ ਤਰਫੋਂ ਅੰਗਹੀਣਾਂ ਨੂੰ ਟਰਾਈ ਸਾਈਕਲਾਂ ਵੀ ਵੰਡੇ ਗਏ। -PTC News