ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ ਜਥਾ
ਅੰਮ੍ਰਿਤਸਰ, 28 ਅਕਤੂਬਰ: ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਮਲਕੀਤ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੀ ਭੇਜੀ ਗਈ 157 ਸ਼ਰਧਾਲੂਆਂ ਦੀ ਸੂਚੀ ਵਿੱਚੋਂ 117 ਨੂੰ ਵੀਜ਼ੇ ਮਿਲੇ ਹਨ। ਇਸ ਦੌਰਾਨ ਗੱਲਬਾਤ ਕਰਦਿਆਂ ਸੰਗਤਾਂ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਸਦਕਾ ਅੱਜ ਉਨ੍ਹਾਂ ਨੂੰ ਗੁਰੂ ਨਾਨਕ ਸਾਹਿਬ ਦੇ ਪਾਵਨ ਅਸਥਾਨ ਤੇ ਗੁਰਧਾਮ ਦੇ ਦਰਸ਼ਨ ਕਰਨ ਦਾ ਸੁਭਾਗ ਭਰਿਆ ਮੌਕਾ ਪ੍ਰਾਪਤ ਹੋਇਆ ਹੈ | ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ ਨੇ ਕਿ ਉਹ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਦੀ 117 ਸ਼ਰਧਾਲੂਆਂ ਦੀ ਟੀਮ ਪਾਕਿਸਤਾਨ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਜਾ ਰਹੀ ਹੈ। ਇਹ ਟੀਮ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦਾ ਦੌਰਾ ਕਰਨ ਤੋਂ ਬਾਅਦ 1 ਨਵੰਬਰ ਨੂੰ ਭਾਰਤ ਪਰਤੇਗੀ। ਇਹ ਵੀ ਪੜ੍ਹੋ: ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਦੀ ਛਾਪੇਮਾਰੀ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 157 ਦੇ ਕਰੀਬ ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਜਾਣ ਲਈ ਵੀਜ਼ੇ ਲਈ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ 40 ਦੇ ਕਰੀਬ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ, ਜੋ ਕਿ ਬੇਹੱਦ ਮੰਦਭਾਗਾ ਹੈ। -PTC News