ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਫਤਿਹਗੜ੍ਹ ਸਾਹਿਬ ਦੀਆਂ ਮੰਗਾਂ ਨੂੰ ਲੈ ਕੇ ਭਗਵੰਤ ਮਾਨ ਨੂੰ ਸੌਂਪਿਆ ਮੰਗ ਪੱਤਰ
ਸ੍ਰੀ ਫਤਿਹਗੜ੍ਹ ਸਾਹਿਬ, 23 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵੱਲੋਂ ਉਨ੍ਹਾਂ ਨੂੰ ਮੈਨੇਜਰ ਦੇ ਦਫ਼ਤਰ ਵਿਖੇ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਜਥੇਦਾਰ ਪੰਜੋਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਮਸਲਿਆਂ ਦੇ ਹੱਲ ਕਰਨ ਲਈ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਮੁੱਖ ਮੰਤਰੀ ਵੱਲੋਂ ਮੰਗ ਪੱਤਰ ਵਿੱਚ ਸ਼ਾਮਲ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਵੀ ਦਿਵਾਇਆ ਗਿਆ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਨਿਮਾਣਾ ਗੁਰੂ ਦਾ ਸਿੱਖ ਬਣਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਵਿਖੇ ਇਸ ਕੁਰਬਾਨੀ ਦੀ ਦੁਨੀਆਂ ਦੇ ਕਿਧਰੇ ਪਾਸੇ ਕੋਈ ਮਿਸਾਲ ਨਹੀਂ ਮਿਲਦੀ ਜਿੱਥੇ ਸਾਹਿਬ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ 7 ਤੇ 9 ਸਾਲ ਦੀ ਉਮਰ ਵਿਚ ਸਿੱਖੀ ਸਿਦਕ ਨਿਭਾਉਂਦਿਆਂ ਹੋਇਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਮੈਂਬਰ ਪਾਰਲੀਮੈਂਟ ਸਨ ਉਦੋਂ ਸੰਸਦ ਵਿੱਚ 27 ਦਸੰਬਰ ਨੂੰ ਪਹਿਲੀ ਵਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਦਿੱਤੀ ਗਈ ਤੇ ਮੌਨ ਵੀ ਰੱਖਿਆ ਗਿਆ ਸੀ ਤੇ ਭਾਵੇਂ ਉਹ ਹੁਣ ਸੰਸਦ ਦਾ ਹਿੱਸਾ ਨਹੀਂ ਹੋਣਗੇ ਪਰ ਫਿਰ ਵੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਹਰ ਸਾਲ 27 ਦਸੰਬਰ ਨੂੰ ਸੰਸਦ ਵਿੱਚ ਹਰ ਸਾਲ ਸ਼ਰਧਾਂਜਲੀ ਦਿੱਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਪ੍ਰਬੰਧਾਂ ਨੂੰ ਲੈ ਕੇ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਜਿਸ ਨਾਲ ਸੰਗਤ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਪੇਸ਼ ਆ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵੱਲੋਂ ਸੌਂਪੇ ਗਏ ਮੰਗ ਪੱਤਰ ਸਬੰਧੀ ਕਿਹਾ ਕਿ ਸਰਕਾਰ ਅੰਡਰ ਸਕੀਮਾਂ ਆਉਣਗੀਆਂ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। -PTC News