ਚੰਡੀਗੜ੍ਹ ਮੁੱਦੇ 'ਤੇ ਕੇਜਰੀਵਾਲ ਹਰਿਆਣੇ ਦੇ ਲੋਕਾਂ ਤੋਂ ਮੁਆਫੀ ਮੰਗਣ : ਖੱਟਰ
ਚੰਡੀਗੜ੍ਹ : ਚੰਡੀਗੜ੍ਹ ਪੰਜਾਬ ਨੂੰ ਸੌਂਪੇ ਜਾਣ ਦਾ ਮਤਾ ਪਾਸ ਹੋਣ ਮਗਰੋਂ ਇਹ ਮੁੱਦਾ ਹੁਣ ਭਖਦਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਮਤੇ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਰਾਜੀਵ-ਲੌਂਗੋਵਾਲ ਸਮਝੌਤਾ 35-36 ਸਾਲ ਪਹਿਲਾਂ ਹੋਇਆ ਸੀ, ਜਿਸ ਅਨੁਸਾਰ ਇਹ ਹਰਿਆਣਾ ਤੇ ਪੰਜਾਬ ਦੋਵਾਂ ਦੀ ਰਾਜਧਾਨੀ ਹੈ। ਮੈਂ ਬੀਤੇ ਦਿਨ ਵੀ ਕਿਹਾ ਸੀ ਕਿ ਇਸ ਨਾਲ ਜੁੜੇ ਕਈ ਮੁੱਦੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ, ਨਹੀਂ ਤਾਂ ਉਨ੍ਹਾਂ ਨੂੰ ਹਰਿਆਣਾ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਹਰਿਆਣਾ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਅਜਿਹਾ ਕੁਝ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਐਸਵਾਈਐਲ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ। ਹਿੰਦੀ ਭਾਸ਼ੀ ਖੇਤਰ ਹਰਿਆਣਾ ਨੂੰ ਨਹੀਂ ਦਿੱਤੇ ਗਏ, ਜਿਸ ਕਾਰਨ ਬਾਕੀ ਮੁੱਦਿਆਂ 'ਤੇ ਦੇਰੀ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਰਿਆਣਾ ਨੂੰ ਹਿੰਦੀ ਭਾਸ਼ਾਈ ਇਲਾਕੇ ਦੇਣ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੌਰੇ ਦੌਰਾਨ ਚੰਡੀਗੜ੍ਹ ਵਿੱਚ ਕੇਂਦਰ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਪੰਜਾਬ ਸਰਵਿਸ ਰੂਲਜ਼ ਲਾਗੂ ਸਨ। ਜਿਸ ਕਾਰਨ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਸੁਰ ਵਿੱਚ ਇਸ ਦਾ ਵਿਰੋਧ ਕਰ ਰਹੀਆਂ ਸਨ। ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ ਜਾਣ ਦਾ ਮਤਾ ਪਾਸ ਕਰ ਦਿੱਤਾ ਹੈ। ਇਹ ਵੀ ਪੜ੍ਹੋ : ਹਾਈ ਕੋਰਟ ਨੇ ਐਸਜੀਪੀਸੀ ਵੱਲੋਂ ਕੱਢੇ ਤਿੰਨ ਮੁਲਾਜ਼ਮਾਂ ਨੂੰ ਬਹਾਲ ਕਰਨ ਦੇ ਦਿੱਤੇ ਹੁਕਮ