Kisan Mahapanchayat: ਖੇਤੀ ਕਾਨੂੰਨ ਦੀ ਵਾਪਸੀ ਤੋਂ ਬਾਅਦ ਲਖਨਊ 'ਚ ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ ਅੱਜ
Kisan Mahapanchayat: ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (SKM) ਨੇ ਅੱਜ ਲਖਨਊ 'ਚ ਕਿਸਾਨ ਮਹਾਪੰਚਾਇਤ ਬੁਲਾਈ ਹੈ। ਕਿਹਾ ਜਾਵੇ ਤੇ ਅੱਜ ਲਖਨਊ 'ਚ ਕਿਸਾਨ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੇ ਹਨ। ਲਖਨਊ ਦੇ ਈਕੋ ਗਾਰਡਨ (ਪੁਰਾਣੀ ਜੇਲ੍ਹ) ਬੰਗਲਾ ਬਾਜ਼ਾਰ ਵਿਖੇ ਆਯੋਜਿਤ ਹੋਵੇਗਾ। ਇਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਸਮੇਤ ਕਈ ਕਿਸਾਨ ਆਗੂ ਹਾਜ਼ਰ ਹੋਣਗੇ। ਐਤਵਾਰ ਨੂੰ ਟਿਕੈਤ ਨੇ ਕਿਹਾ ਕਿ ਰੈਲੀ ਦਾ ਸਭ ਤੋਂ ਵੱਡਾ ਮੁੱਦਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੈਨੀ ਦੀ ਗ੍ਰਿਫਤਾਰੀ ਦੀ ਮੰਗ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਹਨ। ਇਸ ਦੇ ਨਾਲ ਹੀ ਐਸਕੇਐਮ ਅਗਲੇ ਕਦਮਾਂ ਬਾਰੇ ਫੈਸਲਾ ਲੈਣ ਲਈ 27 ਨਵੰਬਰ ਨੂੰ ਇੱਕ ਹੋਰ ਮੀਟਿੰਗ ਕਰੇਗੀ, ਜਦੋਂ ਕਿ 29 ਨਵੰਬਰ ਨੂੰ ਕਿਸਾਨਾਂ ਦਾ ਸੰਸਦ ਵੱਲ ਮਾਰਚ ਨਿਰਧਾਰਤ ਪ੍ਰੋਗਰਾਮ ਮੁਤਾਬਕ ਹੋਵੇਗਾ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੂੰ ਖੁੱਲ੍ਹਾ ਪੱਤਰ ਲਿਖਿਆ ਜਾਵੇਗਾ ਜਿਸ 'ਚ ਬਾਕੀ ਮੰਗਾਂ ਬਾਰੇ ਗੱਲ ਕਰਨ ਲਈ ਕਿਹਾ ਜਾਏਗਾ। ਇਸ ਦੇ ਨਾਲ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ 'ਤੇ ਚਰਚਾ ਕੀਤੀ | ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ। SKM ਦੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। 22 ਨਵੰਬਰ ਨੂੰ ਲਖਨਊ 'ਚ ਕਿਸਾਨ ਪੰਚਾਇਤ, 26 ਨਵੰਬਰ ਨੂੰ ਸਾਰੀਆਂ ਸਰਹੱਦਾਂ 'ਤੇ ਮੀਟਿੰਗ ਅਤੇ 29 ਨਵੰਬਰ ਨੂੰ ਸੰਸਦ ਵੱਲ ਮਾਰਚ ਹੋਵੇਗਾ। ਦੱਸ ਦੇਈਏ ਕਿ ਹਜ਼ਾਰਾਂ ਕਿਸਾਨ ਸੰਸਦ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਲਗਭਗ ਇੱਕ ਸਾਲ ਤੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਜਿਸ ਤੋਂ ਬਾਅਦ ਹਾਲ ਹੀ ਵਿੱਚ ਪੀਐਮ ਮੋਦੀ ਨੇ ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਹੀ ਹੈ। -PTC News