ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਜ਼ਮੀਨ ਦੀ ਪੇਸ਼ਕਸ਼
ਚੰਡੀਗੜ੍ਹ, 7 ਸਤੰਬਰ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਟੈਕਸਟਾਈਲ ਮਿੱਤਰਾ ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 1000 ਏਕੜ ਜ਼ਮੀਨ, ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਸੂਬਾ ਸਰਕਾਰ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ 'ਟੈਕਸਟਾਇਲ ਹੱਬ' ਵਜੋਂ ਉਭਰ ਸਕਦਾ ਹੈ। ਭਗਵੰਤ ਮਾਨ ਨੇ ਵੀ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ। ਮੁੱਖ ਮੰਤਰੀ ਦਾ ਕਹਿਣਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਿਹਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ। ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ ਵਿੱਚ ਲੋੜੀਂਦੇ ਰਕਬੇ ਦੀ ਇਕ ਥਾਂ ਸ਼ਨਾਖਤ ਕਰ ਰੱਖ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ। -PTC News