ਲੁਧਿਆਣਾ ਬਲਾਸਟ ਕੇਸ- ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ 'ਚ ਗ੍ਰਿਫ਼ਤਾਰ
ਲੁਧਿਆਣਾ: ਲੁਧਿਆਣਾ ਕੋਰਟ ਬਲਾਸਟ ਕੇਸ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸ ਦੇਈਏ ਕਿ ਜਰਮਨੀ ਤੋਂ ਸਿੱਖ ਫਾਰ ਜਸਟਿਸ (SFJ) ਦੇ ਮੇਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਖ਼ਬਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਤੇ ਮੁੰਬਈ ਵਿੱਚ ਦਹਿਸ਼ਤੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਮਿਲੀ ਜਾਣਕਾਰੀ ਦੇ ਮੁਤਾਬਿਕ ਜਸਵਿੰਦਰ ਸਿੰਘ ਲੁਧਿਆਣਾ ਅਦਾਲਤ ਧਮਾਕੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਜਸਵਿੰਦਰ ਐਸਐਫਜੇ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਹੈ। ਉਹ ਵੱਖਵਾਦੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਤਾਨੀ ਹਾਲ ਹੀ ਵਿੱਚ ਪਾਕਿਸਤਾਨ ਸਥਿਤ ਕਾਰਕੁਨਾਂ ਦੀ ਮਦਦ ਨਾਲ ਸਰਹੱਦ ਪਾਰ ਤੋਂ ਵਿਸਫੋਟਕ, ਹੈਂਡ ਗ੍ਰਨੇਡ ਅਤੇ ਪਿਸਤੌਲਾਂ ਵਾਲੇ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕਰਨ ਅਤੇ ਭੇਜਣ ਲਈ ਸੁਰੱਖਿਆ ਏਜੰਸੀਆਂ ਦੀ ਰਡਾਰ 'ਤੇ ਸੀ। ਬੌਨ ਅਤੇ ਨਵੀਂ ਦਿੱਲੀ ਸਥਿਤ ਡਿਪਲੋਮੈਟਾਂ ਮੁਤਾਬਕ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਰਮਨ ਅਧਿਕਾਰੀਆਂ ਨੂੰ ਪਾਕਿਸਤਾਨੀ ਨਾਲ ਸਬੰਧ ਰੱਖਣ ਵਾਲੇ ਖਾਲਿਸਤਾਨ ਪੱਖੀ ਕੱਟੜਪੰਥੀ ਨੂੰ ਗ੍ਰਿਫਤਾਰ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਫੈਡਰਲ ਪੁਲਿਸ ਨੇ ਮੁਲਤਾਨੀ ਨੂੰ ਕੇਂਦਰੀ ਜਰਮਨੀ ਦੇ ਏਰਫਰਟ ਤੋਂ ਗ੍ਰਿਫ਼ਤਾਰ ਕੀਤਾ, ਇਸ ਦੇ ਨਾਲ ਹੀ ਉਹ ਸਰਹੱਦ ਪਾਰ ਤੋਂ ਪੰਜਾਬ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਮਾਮਲੇ ਵਿੱਚ ਵੀ ਸ਼ਾਮਲ ਸੀ। ਗੌਰਤਲਬ ਹੈ ਕਿ 23 ਦਸੰਬਰ ਨੂੰ ਲੁਧਿਆਣਾ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ ਸੀ ਅਤੇ ਘੱਟੋ-ਘੱਟ ਪੰਜ ਹੋਰ ਜ਼ਖ਼ਮੀ ਹੋਏ ਸਨ। ਮੁੱਖ ਸ਼ੱਕੀ ਗਗਨਦੀਪ ਸਿੰਘ ਸਾਬਕਾ ਪੁਲਿਸ ਕਰਮਚਾਰੀ ਧਮਾਕੇ ਵਿੱਚ ਮਾਰਿਆ ਗਿਆ ਸੀ।
-PTC News