ਸਿੱਧੂ ਮੂਸੇਵਾਲਾ ਕਤਲ ਕੇਸ 'ਚ ਵੱਡੀ ਅਪਡੇਟ, 5 ਹੋਰ ਵਿਅਕਤੀ ਨਾਮਜ਼ਦ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬਲਕੌਰ ਸਿੰਘ ਨੇ ਪੰਜਾਬ ਦੇ ਡੀਜੀਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਉੱਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ 5 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ 5 ਵਿਅਕਤੀਆਂ ਵਿਚੋਂ 4 ਵਿਅਕਤੀ ਸੰਗੀਤ ਜਗਤ ਨਾਲ ਸਬੰਧਿਤ ਹਨ। ਮਾਨਸਾ ਪੁਲਿਸ ਨੇ ਇਸ ਮਾਮਲੇ 'ਚ 31 ਦੇ ਕਰੀਬ ਵਿਅਕਤੀਆਂ ਨੂੰ ਨਾਮਜ਼ਦ ਕਰਕੇ 22 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਵਿਅਕਤੀਆਂ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸ ਦੇਈਏ ਕਿ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਅਤੇ ਲਿਪਨ ਵਿਦੇਸ਼ ਵਿੱਚ ਰਹਿੰਦੇ ਹਨ। ਇਨ੍ਹਾਂ ਚਾਰਾਂ ਨੂੰ ਵਾਪਿਸ ਦੇਸ਼ ਲਿਆਉਣ ਲਈ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ। ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਇਸ ਮਾਮਲੇ ਸਬੰਧੀ ਚਾਰਜਸ਼ੀਟ ਵੀ ਤਿਆਰ ਕਰ ਲਈ ਹੈ ਅਤੇ 30 ਅਗਸਤ ਤੋਂ ਪਹਿਲਾਂ ਮਾਨਸਾ ਪੁਲਿਸ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਸਕਦੀ ਹੈ। ਮੂਸੇਵਾਲਾ ਦੀ ਇਸ ਸਾਲ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਹਾਵਰਕੇ ਵਿਖੇ ਉਸ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਆਪਣੀ ਗੱਡੀ ਵਿੱਚ ਜਾ ਰਿਹਾ ਸੀ। ਬਾਅਦ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕੈਨੇਡਾ ਰਹਿੰਦੇ ਸਾਥੀ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਹ ਵੀ ਪੜ੍ਹੋ:ਲੁਧਿਆਣਾ ਨਗਰ ਨਿਗਮ ਨੂੰ ਵੱਡਾ ਝਟਕਾ, 100 ਕਰੋੜ ਮੁਆਵਜ਼ੇ ਦੀ ਸਮੀਖਿਆ ਵਾਲੀ ਪਟੀਸ਼ਨ ਰੱਦ -PTC News