ਮਨਜਿੰਦਰ ਸਿੰਘ ਸਿਰਸਾ ਨੇ DSGMC ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, BJP 'ਚ ਹੋਏ ਸ਼ਾਮਿਲ
ਨਵੀਂ ਦਿੱਲੀ- ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ 'ਤੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੀਆਂ ਡੀ.ਐੱਸ.ਜੀ.ਐੱਮ.ਸੀ. ਦੀਆਂ ਚੋਣਾਂ ਨਹੀਂ ਲੜਨਗੇ। ਨਿੱਜੀ ਕਾਰਨਾਂ ਕਰਕੇ ਮਨਜਿੰਦਰ ਸਿੰਘ ਸਿਰਸਾ ਨੇ ਅਸਤੀਫਾ ਦੇ ਦਿੱਤਾ ਹੈ। DSGMC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਮਨਜਿੰਦਰ ਸਿੰਘ ਸਿਰਸਾ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਪਰਮਿੰਦਰ ਬਰਾੜ ਵੀ ਭਾਜਪਾ ਦੇ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਯੰਤ ਗੌਤਮ ਮੌਜੂਦ ਸਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਮੈਂ ਅਮਿਤ ਸ਼ਾਹ ਅਤੇ ਜੇਪੀ ਨੱਡਾ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੇ ਨਾਲ ਹੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਉੱਤਰੀ ਭਾਰਤ ਦੀ ਰਾਜਨੀਤੀ ਵਿਚ ਸਿੱਖ ਚਿਹਰਿਆਂ ਵਿਚ ਜੋ ਚਿਹਰਾ ਸਾਹਮਣੇ ਆਵੇਗਾ, ਉਹ ਸਿਰਸਾ ਤੋਂ ਹੀ ਆਵੇਗਾ। ਮੈਂ ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਦਾ ਹਾਂ। ਪੰਜਾਬ ਚੋਣਾਂ 'ਚ ਇਸ ਦਾ ਫਾਇਦਾ ਹੋਵੇਗਾ। ਦੱਸ ਦੇਈਏ ਕਿ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਟਵਿੱਟਰ ਹੈਂਡਲ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਲਿਖਿਆ-- ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਲਿਖਿਆ ਹੈ ਕਿ "ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ ਕਰਦੇ ਹੋਏ, ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਆਪਣੇ ਭਾਈਚਾਰੇ, ਮਨੁੱਖਤਾ ਅਤੇ ਦੇਸ਼ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਅਜੇ ਵੀ ਕਾਇਮ ਹੈ!' ਮਨਜਿੰਦਰ ਸਿੰਘ ਸਿਰਸਾ ਵੱਲੋਂ ਜਾਰੀ ਇੱਕ ਪੱਤਰ ਵਿੱਚ ਉਨ੍ਹਾਂ ਲਿਖਿਆ: "ਕੁਝ ਨਿੱਜੀ ਕਾਰਨਾਂ ਕਰਕੇ, ਮੈਂ ਤੁਰੰਤ ਪ੍ਰਭਾਵ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।" -PTC News