ਪੀਟੀਆਈ 647 ਅਧਿਆਪਕ ਯੂਨੀਅਨ ਦੇ ਮੈਂਬਰ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ
ਚੰਡੀਗੜ੍ਹ : ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਪੀਟੀਆਈ 646 ਅਧਿਆਪਕ ਯੂਨੀਅਨ ਦੇ ਮੈਂਬਰ ਮੁੜ ਸੋਹਾਣਾ ਵਿਖੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ ਹਨ। ਜਾਣਕਾਰੀ ਅਨੁਸਾਰ ਯੂਨੀਅਨ ਮੈਂਬਰਾਂ ਨੇ ਦੇਰ ਰਾਤ ਪੂਰੀ ਤਿਆਰੀ ਨਾਲ ਪਹਿਲਾਂ ਮਿੱਥੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਰੂਪ-ਰੇਖਾ ਉਲੀਕੀ ਸੀ। ਛੇ ਮਹੀਨੇ ਪਹਿਲਾਂ ਵੀ ਪੀਟੀਆਈ 646 ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਸਮੇਂ ਇਸੇ ਟੈਂਕੀ ਉੱਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਿੱਪੀ ਸ਼ਰਮਾ ਨੂੰ ਆਪਣੀ ਭੈਣ ਕਹਿ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਸਨ। ਯੂਨੀਅਨ ਦਾ ਦੋਸ਼ ਹੈ ਕਿ ਭਾਵੇਂ ਆਮ ਆਦਮੀ ਪਾਰਟੀ ਸਰਕਾਰ ਨੇ ਸੱਤਾ ਸੰਭਾਲ ਲਈ ਪਰ ਉਨ੍ਹਾਂ ਨੂੰ ਹਾਲੇ ਤਕ ਇਨਸਾਫ਼ ਨਹੀਂ ਮਿਲਿਆ। ਬੀਤੇ ਦਿਨੀਂ ਖਟਕੜ ਕਲਾਂ ਵਿਚ ਸਿੱਪੀ ਸ਼ਰਮਾ ਤੇ ਸਾਥੀਆਂ ਨੇ ਟੈਂਕੀ ਉਤੇ ਚੜ੍ਹ ਕੇ ਰੋਸ ਮੁਜ਼ਾਹਰਾ ਕੀਤਾ ਸੀ। ਸਿੱਪੀ ਸ਼ਰਮਾ ਨੇ ਇਕ ਵੀਡੀਓ ਸੰਦੇਸ਼ 'ਚ ਕਿਹਾ ਕਿ ਉਹ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਹ ਆਪਣੇ ਅੰਦੋਲਨ ਤੋਂ ਪਿੱਛੇ ਨਹੀਂ ਹਟਣਗੇ। ਆਨੰਦਪੁਰ ਸਾਹਿਬ ਦੇ ਵਸਨੀਕ ਸਿੱਪੀ ਨੇ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਕਰਵਾ ਚੌਥ, ਦੀਵਾਲੀ ਤੇ ਹੋਰ ਤਿਉਹਾਰ ਟੈਂਕੀ ਉਤੇ ਹੀ ਮਨਾਉਂਦੇ ਹਨ। ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਛੇ ਮਹੀਨਿਆਂ 'ਚ ਦੂਜੀ ਵਾਰ ਮੁਲਾਜ਼ਮਾਂ ਦੇ ਡੀਏ 'ਚ ਵਾਧਾ ਕਾਂਗਰਸ ਦੀ ਚੰਨੀ ਸਰਕਾਰ ਵੇਲੇ ਜਦੋਂ ਉਹ ਅੰਦੋਲਨ ਕਰ ਰਹੇ ਸਨ ਤਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਇਹ ਵਾਅਦਾ ਮਿੱਠੀ ਗੋਲੀ ਸਾਬਤ ਹੋਇਆ। ਸਿੱਪੀ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ 'ਚ ਪਾਣੀ ਦੀਆਂ ਟੈਂਕੀਆਂ 'ਤੇ ਚੜ੍ਹ ਚੁੱਕੇ ਹਨ ਪਰ ਹਰ ਵਾਰ ਵਾਅਦੇ ਕਰਕੇ ਉਨ੍ਹਾਂ ਨੂੰ ਉਤਾਰ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਪੀਟੀਆਈ ਦੀ ਮੈਰਿਟ ਸੂਚੀ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ। -PTC News