ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕੀਤਾ ਜਾਵੇ : ਰਾਣਾ ਕੇਪੀ ਸਿੰਘ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਰਾਣਾ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਮਾਈਨਿੰਗ 'ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਸੀ। ਜਿਸ ਦੀ ਸੀਬੀਆਈ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਬੈਂਸ ਆਪਣੀ ਨਾਕਾਮੀਆਂ ਛੁਪਾਉਣ ਲਈ ਇਹ ਸਭ ਕੁਝ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਵਿਜੀਲੈਂਸ ਬਿਊਰੋ ਨੂੰ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ। ਸੀਨੀਅਰ ਕਾਂਗਰਸ ਆਗੂ ਖ਼ਿਲਾਫ਼ ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ’ਚ ਸ਼ਮੂਲੀਅਤ ਦੇ ਮਾਮਲੇ 'ਚ ਕੀਤੀ ਜਾਵੇਗੀ। ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਈਡੀ ਮਾਈਨਿੰਗ ਦੇ ਮੈਂਬਰਾਂ ਦੀ ਸਾਂਝੀ ਕਮੇਟੀ ਇਸ ਮਾਮਲੇ ਵਿਚ ਨਾਲੋ-ਨਾਲ ਸਮਾਂਬੱਧ ਜਾਂਚ ਕਰੇਗੀ। ਮੰਤਰੀ ਨੇ ਕਿਹਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿਚ ਪੰਜਾਬ ਦੇ ਮੁੱਖ ਸਕੱਤਰ ਨੂੰ ਸਪੀਕਰ ਖ਼ਿਲਾਫ਼ ਜਾਂਚ ਲਈ ਕਿਹਾ ਸੀ ਪਰ ਮਾਮਲੇ ਨੂੰ ਦਬਾ ਦਿੱਤਾ ਗਿਆ ਕਿਉਂਕਿ ਰਾਣਾ ਕੇਪੀ ਦੀ ਪਾਰਟੀ ਸੱਤਾ ਵਿਚ ਸੀ। ਬੈਂਸ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਾਣਾ ਹੇਠ ਕੰਮ ਕਰਦੇ ਵਿਅਕਤੀਆਂ ਨੇ ਪ੍ਰੋਟੈਕਸ਼ਨ ਮਨੀ ਵਜੋਂ ਰੋਪੜ ਤੇ ਆਨੰਦਪੁਰ ਸਾਹਿਬ ਖੇਤਰਾਂ ਵਿਚ ਚੱਲ ਰਹੇ ਕਰੱਸ਼ਰਾਂ ਤੋਂ ਕਥਿਤ ਤੌਰ ’ਤੇ ਲੱਖਾਂ ਰੁਪਏ ਇਕੱਠੇ ਕੀਤੇ ਸਨ। ਇਸ ਨੂੰ ਲੈ ਕੇ ਹੁਣ ਜਾਂਚ ਦੇ ਹੁਕਮ ਦਿੱਤੇ ਗਏ ਹਨ। -PTC News ਇਹ ਵੀ ਪੜ੍ਹੋ : ਐਸਵਾਈਐਲ ਤੇ ਲੰਪੀ ਸਕਿਨ ਵਰਗੇ ਮੁੱਦਿਆਂ 'ਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਲੋੜ : ਖਹਿਰਾ