ਵਿਧਾਇਕ ਕੋਹਲੀ ਤੇ ਡੀਸੀ ਵੱਲੋਂ ਡਾਇਰੀਆ ਪ੍ਰਭਾਵਿਤ ਕਲੋਨੀ ਦਾ ਦੌਰਾ
ਪਟਿਆਲਾ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਥੇ ਡਾਇਰੀਆ ਪ੍ਰਭਾਵਿਤ ਮਹਿੰਦਰਾ ਕਲੋਨੀ ਦਾ ਦੌਰਾ ਕਰਕੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਅਸਲ ਸਥਿਤੀ ਦਾ ਮੁਆਇਨਾ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਤੇ ਸੰਯੁਕਤ ਕਮਿਸ਼ਨਰ ਨਮਨ ਮੜਕਨ ਸਮੇਤ ਸਿਵਲ ਸਰਜਨ ਡਾ. ਰਾਜੂ ਧੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 50 ਹਜ਼ਾਰ ਦੀ ਵਿੱਤੀ ਸਹਾਇਤਾ ਇਸ ਮੌਕੇ ਡਾਇਰੀਆ ਬਿਮਾਰੀ ਕਾਰਨ ਆਪਣੇ ਦੋ ਬੱਚਿਆਂ ਦੀ ਜਾਨ ਗੁਆਉਣ ਵਾਲੇ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਹ ਖ਼ੁਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਵਿਧਾਇਕ ਕੋਹਲੀ ਅਤੇ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਤੇ ਰੈਡ ਕਰਾਸ ਸੋਸਾਇਟੀ ਵੱਲੋਂ 50-50 ਹਜ਼ਾਰ ਦੀ ਵਿੱਤੀ ਸਹਾਇਤਾ ਦੇ ਚੈੱਕ ਅਤੇ ਰਾਸ਼ਨ ਸਮੱਗਰੀ ਵੀ ਪ੍ਰਦਾਨ ਕੀਤੀ ਗਈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਡਾਇਰੀਆ ਦੀ ਸਥਿਤੀ ਹੁਣ ਕਾਬੂ ਹੇਠ ਹੈ, ਕਿਉਂਕਿ ਪਿਛਲੇ ਕਰੀਬ 4 ਦਿਨਾਂ ਤੋਂ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਦਿਨ-ਰਾਤ ਇੱਕ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਸ਼ਹਿਰ ਅਤੇ ਇੱਥੇ ਦੇ ਨਿਵਾਸੀਆਂ ਦੀ ਸੇਵਾ 'ਚ ਦਿਨ-ਰਾਤ ਹਾਜ਼ਰ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਧਾਇਕ ਨੂੰ ਭਰੋਸਾ ਦਿਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਸਮੇਤ ਹੋਰ ਸਬੰਧਿਤ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਡਾਇਰੀਏ ਦੇ ਮਾਮਲੇ 'ਤੇ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਜੋ ਵੀ ਮੁਲਾਜਮ ਜਾਂ ਅਧਿਕਾਰੀ ਜਿਸ ਡਿਉਟੀ 'ਤੇ ਤਾਇਨਾਤ ਹੈ, ਉਹ ਆਪਣੀ ਡਿਉਟੀ ਦਾ ਪਾਬੰਦ ਰਹੇ ਅਤੇ ਆਮ ਲੋਕਾਂ ਦੀ ਸੇਵਾ ਕਰੇ ਤਾਂ ਅਸੀਂ ਆਮ ਲੋਕਾਂ ਨੂੰ ਅਜਿਹੀਆਂ ਬਿਮਾਰੀਆਂ ਤੋਂ ਨਿਜਾਤ ਦਿਵਾ ਸਕੀਏ।ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਡਾ. ਪ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਹ ਵੀ ਪੜ੍ਹੋ: ਬਿਜਲੀ ਮੰਤਰੀ ਬਿਜਲੀ ਸੋਧ ਬਿੱਲ ਬਾਰੇ ਰਾਜ ਸਰਕਾਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਸੰਸਦ 'ਚ ਰੱਖਣ : ਹਰਸਿਮਰਤ ਕੌਰ ਬਾਦਲ -PTC News