ਮੋਦੀ ਨੇ ਕੈਂਸਰ ਹਸਪਤਾਲ ਦੇ ਰੂਪ 'ਚ ਪੰਜਾਬ ਨੂੰ ਦਿੱਤਾ ਬੇਸ਼ਕੀਮਤੀ ਤੋਹਫਾ: ਅਸ਼ਵਨੀ ਸ਼ਰਮਾ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਣ ਦਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਗਤ ਕੀਤਾ। ਪੰਜਾਬ ਸਮੇਤ ਇਸ ਦੇ ਨਾਲ ਲੱਗਦੇ ਸੂਬਿਆਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਰੱਖ ਕੇ ਪੰਜਾਬੀਆਂ ਨੂੰ ਇਕ ਬੇਸ਼ਕੀਮਤੀ ਤੋਹਫ਼ਾ ਮਿਲਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਲਵਾ ਖੇਤਰ ਦੇ ਕਈ ਇਲਾਕਿਆਂ ਦੇ ਲੋਕ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਹਨ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਲੀ ਜਾਣਾ ਪੈਂਦਾ ਸੀ, ਉਨ੍ਹਾਂ ਨੂੰ ਇਸ ਕੈਂਸਰ ਹਸਪਤਾਲ ਦੇ ਬਣਨ ਨਾਲ ਬਹੁਤ ਫਾਇਦਾ ਹੋਵੇਗਾ। ਭਾਰਤ ਸਰਕਾਰ ਦੇਸ਼ ਵਿੱਚ ਆਧੁਨਿਕ ਕੈਂਸਰ ਸਹੂਲਤਾਂ ਪੈਦਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿਹਤ ਦੇ ਖੇਤਰ ਵਿੱਚ ਠੋਸ ਕਦਮ ਚੁੱਕਦਿਆਂ ਅੱਜ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਗ਼ਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਦੇ ਲੋਕ ਫਾਇਦਾ ਲੈ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਦੇ ਉਦਘਾਟਨ ਮੌਕੇ ਪੰਜਾਬ ਦੇ ਲੋਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿੰਨਾ ਪਿਆਰ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਪੰਜਾਬ ਤੇ ਪੰਜਾਬ ਦੇ ਲੋਕਾਂ ਨਾਲ ਖਾਸ ਲਗਾਅ ਹੈ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਲੋਕਾਂ ਦੀਆਂ ਕਈ ਮੰਗਾਂ ਪੂਰੀਆਂ ਕਰ ਚੁੱਕੇ ਹਨ। ਪੰਜਾਬ ਪ੍ਰਤੀ ਆਪਣੇ ਇਸ ਮੋਹ ਕਾਰਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ ਵਿਕਾਸ ਪ੍ਰੋਜੈਕਟਾਂ ਨੂੰ ਖੁੱਲ੍ਹੇ ਮਨ ਨਾਲ ਦੇਣ ਤੋਂ ਕਦੇ ਵੀ ਪਿੱਛੇ ਨਹੀਂ ਹਟੇ। ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਪੰਜਾਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਪ੍ਰਧਾਨ ਮੰਤਰੀ ਨੇ ਤੁਰੰਤ ਪ੍ਰਵਾਨ ਕਰ ਲਿਆ ਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੁੜ ਪੰਜਾਬ ਆਉਣਗੇ। -PTC News ਇਹ ਵੀ ਪੜ੍ਹੋ : ਪੰਜਾਬ ਨੂੰ ਖ਼ੁਸ਼ਹਾਲ, ਪ੍ਰਗਤੀਸ਼ੀਲ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ: ਮਾਨ